ਬਾਦਲਾਂ ‘ਤੇ ਕੈਪਟਨ ਦੀਆਂ ਮਿਹਰਬਾਨੀਆਂ ਦਾ ਆਪ ਵਲੋਂ ਵਿਰੋਧ

ਚੰਡੀਗੜ੍ਹ: ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਸੁਰੱਖਿਆ ਦੇ ਨਾਮ ‘ਤੇ ਕਰੋੜਾਂ ਰੁਪਏ ਖ਼ਰਚ ਕੇ ਬਾਦਲ ਪਰਿਵਾਰ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਨੂੰ ਮਹਿੰਗੀਆਂ ਗੱਡੀਆਂ ਦੇਣ ਦਾ ਆਮ ਆਦਮੀ ਪਾਰਟੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਹੈ।ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ‘ਆਪ’ ਦੇ ਸੂਬਾ ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਜਿਹਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤੋਂ ਹੀ ਵਿੱਤੀ ਸੰਕਟ ਵਿਚੋਂ ਲੰਘ ਰਹੇ ਸੂਬੇ ਉੱਤੇ ਬੇ-ਲੋੜ੍ਹਾ ਭਾਰ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸਰਕਾਰੀ ਖ਼ਰਚੇ ਘੱਟ ਕਰ ਕੇ ਖ਼ਜ਼ਾਨੇ ਨੂੰ ਭਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਇੱਕ ਵਾਰ ਫਿਰ ਆਪਣੇ ਸ਼ਬਦਾਂ ਤੋਂ ਮੁੱਕਰਦੇ ਨਜ਼ਰ ਆ ਰਹੇ ਹਨ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਕਿਸਾਨ ਅਤੇ ਖੇਤ ਮਜ਼ਦੂਰ ਕਰਜ਼ੇ ਦੀ ਮਾਰ ਹੇਠ ਆ ਕੇ ਆਤਮ ਹੱਤਿਆਵਾਂ ਕਰ ਰਹੇ ਹਨ ਪਰ ਕੈਪਟਨ ਉਨ੍ਹਾਂ ਦੀ ਮਾਲੀ ਮਦਦ ਕਰਨ ਦੀ ਥਾਂ ਬਾਦਲਾਂ ਨਾਲ ਆਪਣੀ ਯਾਰੀ ਨਿਭਾ ਕੇ ਲੋਕਾਂ ਦੇ ਖ਼ੂਨ ਪਸੀਨੇ ਨਾਲ ਕਮਾਏ ਟੈਕਸ ਦੇ ਪੈਸੇ ਦੀ ਬਰਬਾਦੀ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੂੰ ਸਵਾਲ ਕਰਦਿਆਂ ਡਾ. ਬਲਬੀਰ ਨੇ ਕਿਹਾ ਕਿ ਸਰਕਾਰੀ ਮੁਲਜ਼ਮਾਂ ਨੂੰ ਤਨਖ਼ਾਹਾਂ ਅਤੇ ਭੱਤੇ ਦੇਣ ਸਮੇਂ ਤਾਂ ਸਰਕਾਰ ਖ਼ਜ਼ਾਨਾ ਖ਼ਾਲੀ ਹੋਣ ਦਾ ਰੋਣਾ ਰੋਂਦੀ ਹੈ, ਹੁਣ ਬਾਦਲਾਂ ਅਤੇ ਉਨ੍ਹਾਂ ਦੇ ਨਜ਼ਦੀਕੀਆਂ ਦੀਆਂ ਗੱਡੀਆਂ ਖ਼ਰੀਦਣ ਲਈ 50 ਕਰੋੜ ਕਿਥੋਂ ਆ ਗਏ? ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਜੇਬ ਕੱਟ ਕੇ ਹਰ ਸਾਲ ਸੁਰੱਖਿਆ ਦੇ ਨਾਮ ਉੱਤੇ 12 ਕਰੋੜ ਰੁਪਏ ਖ਼ਰਚਣਾ ਸੂਬੇ ਦੇ ਲੋਕਾਂ ਨਾਲ ਭੱਦਾ ਮਜ਼ਾਕ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਨੇ ਲੋਕਾਂ ਦੁਆਰਾ ਚੁਣੇ ਹੋਏ ਆਮ ਆਦਮੀ ਪਾਰਟੀ, ਭਾਜਪਾ ਅਤੇ ਇੱਥੋਂ ਤੱਕ ਕਿ ਕੁੱਝ ਕਾਂਗਰਸੀ ਵਿਧਾਇਕਾਂ ਨੂੰ ਵੀ ਮਿਆਦ ਲੰਘ ਚੁੱਕੀਆਂ ਗੱਡੀਆਂ ਦਿੱਤੀਆਂ ਹੋਈਆਂ ਹਨ ਅਤੇ ਦੂਜੇ ਪਾਸੇ ਪਹਿਲਾਂ ਤੋਂ ਹੀ ਲਗਜਰੀ ਗੱਡੀਆਂ ਵਿਚ ਘੁੰਮ ਰਹੇ ਬਾਦਲ ਪਰਿਵਾਰ ਉੱਤੇ ਮਿਹਰਬਾਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਨਸ਼ੇ ਦੇ ਮਾਮਲੇ ਵਿਚ ਕਾਰਵਾਈ ਕਰ ਕੇ ਬਿਕਰਮ ਮਜੀਠੀਆ ਨੂੰ ਜੇਲ੍ਹ ਵਿਚ ਸੁੱਟਣ ਦੀ ਗੱਲ ਕਰਦੇ ਸਨ ਪਰ ਸਰਕਾਰ ਬਣਨ ਤੋਂ ਬਾਅਦ ਆਪਣੇ ਭਤੀਜੇ ਨੂੰ ਲਗਜਰੀ ਗੱਡੀ ਤੋਹਫ਼ੇ ਵਜੋਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 40 ਕਾਂਗਰਸੀ ਵਿਧਾਇਕਾਂ ਦੁਆਰਾ ਕੈਪਟਨ ਨੂੰ ਮਿਲ ਕੇ ਮਜੀਠੀਆ ਉੱਤੇ ਕਾਰਵਾਈ ਕਰਨ ਦੀ ਮੰਗ ਕੀਤੀ ਸੀ ਪਰ ਕੈਪਟਨ ਨੇ ਉਨ੍ਹਾਂ ਦੀ ਗੱਲ ਨੂੰ ਅਣਗੌਲਿਆ ਕਰ ਦਿੱਤਾ ਸੀ ਅਤੇ ਹੁਣ ਮਜੀਠੀਆ ਨੂੰ ਨਵੀਂ ਗੱਡੀ ਦੇ ਕੇ ਇਹ ਸਿੱਧ ਕਰ ਦਿੱਤਾ ਹੈ ਕਿ ਕੈਪਟਨ ਆਪਣੀ ਰਿਸ਼ਤੇਦਾਰੀ ਨਿਭਾ ਰਹੇ ਹਨ।

Be the first to comment

Leave a Reply