ਸੁਪਰੀਮ ਕੋਰਟ ਵਲੋਂ ਬਰੀ ਕੀਤੇ ਜਾਣ ਤੋਂ ਬਾਅਦ ਸਿੱਧੂ ਨੇ ਜ਼ਾਹਰ ਕੀਤੀ ਆਖਰੀ ਇੱਛਾ

ਚੰਡੀਗੜ੍ਹ : ਸੁਪਰੀਮ ਕੋਰਟ ਵਲੋਂ 30 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਬਰੀ ਕੀਤੇ ਜਾਣ ਤੋਂ ਬਾਅਦ ਨਵਜੋਤ ਸਿੱਧੂ ਨੇ ਪ੍ਰਮਾਤਮਾ ਅਤੇ ਆਪਣੇ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ ਹੈ। ਪ੍ਰੈੱਸ ਕਾਨਫਰੰਸ ਕਰਦੇ ਹੋਏ ਨਵਜੋਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਮਾਤਮਾ ਵਿਚ ਅਤੁੱਟ ਵਿਸ਼ਵਾਸ ਹੈ ਅਤੇ ਜਿਹੜੇ ਲੋਕਾਂ ਨੇ ਉਨ੍ਹਾਂ ਲਈ ਦੁਆਵਾਂ ਕੀਤੀਆਂ ਹਨ, ਉਹ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਅਤੇ ਜਿਨ੍ਹਾਂ ਨੇ ਮੇਰੀ ਨਿੰਦਾ ਕੀਤੀ ਅਤੇ ਇਸ ਮਾਮਲੇ ‘ਤੇ ਸਿਆਸੀ ਰੋਟੀਆਂ ਸੇਕੀਆਂ, ਉਨ੍ਹਾਂ ਨੂੰ ਵੀ ਉਹ ਮੁਆਫ ਕਰਦੇ ਹਨ। ਲੋਕਾਂ ਦੀਆਂ ਦੁਆਵਾਂ ਸਦਕਾ ਹੀ ਅੱਜ ਉਨ੍ਹਾਂ ਦੀ ਜਿੱਤ ਹੋਈ ਹੈ। ਸਿੱਧੂ ਨੇ ਕਿਹਾ ਕਿ ਉਹ ਹਮੇਸ਼ਾ ਪੰਜਾਬ ਦੀ ਤਰੱਕੀ ਚਾਹੁੰਦੇ ਹਨ ਅਤੇ ਉਨ੍ਹਾਂ ਦੀ ਆਖਰੀ ਇੱਛਾ ਵੀ ਇਹ ਹੈ ਕਿ ਪੰਜਾਬ ਆਪਣੇ ਪੈਰਾਂ ਸਿਰ ਖੜ੍ਹਾ ਹੋ ਸਕੇ।
ਸਿੱਧੂ ਨੇ ਕਿਹਾ ਕਿ ਮੁਸ਼ਕਿਲ ਸਮੇਂ ਵਿਚ ਅਸਲ ਦੋਸਤਾਂ ਦਾ ਪਤਾ ਲੱਗਦਾ ਹੈ ਅਤੇ ਇਸ ਮੁਸ਼ਕਿਲ ਸਮੇਂ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨੇ ਉਨ੍ਹਾਂ ਦਾ ਪੂਰਾ ਸਾਥ ਦਿੱਤਾ। ਉਨ੍ਹਾਂ ਨੇ ਮੈਸੇਜ ਕਰਕੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਦਾ ਧੰਨਵਾਦ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਆਖਰੀ ਸਾਹ ਤਕ ਕਾਂਗਰਸ ਦੇ ਨਾਲ ਰਹਿਣਗੇ।
ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਭਾਜਪਾ ਵੀ ਸਿਰਫ ਇਸ ਲਈ ਛੱਡੀ ਸੀ ਕਿਉਂਕਿ ਭਾਜਪਾ ਵਲੋਂ ਤਸਕਰਾਂ ਅਤੇ ਡਾਕੂਆਂ ਦਾ ਸਾਥ ਦਿਤਾ ਜਾ ਰਿਹਾ ਹੈ। ਉਨ੍ਹਾਂ ਨੇ ਭਾਜਪਾ ਨੂੰ ਪੰਜਾਬ ਦੀ ਭਲਾਈ ਲਈ ਤਸਕਰਾਂ ਦਾ ਸਾਥ ਛੱਡਣ ਲਈ ਕਿਹਾ ਸੀ ਪਰ ਉਨ੍ਹਾਂ ਦੀ ਗੱਲ ਨਹੀਂ ਮੰਨੀ ਗਈ ਜਿਸ ਕਰਕੇ ਉਨ੍ਹਾਂ ਨੇ ਭਾਜਪਾ ਦਾ ਸਾਥ ਛੱਡ ਦਿੱਤਾ।

Be the first to comment

Leave a Reply