ਮੁੱਖ ਮੰਤਰੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਵੀ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਸਰਬ ਪਾਰਟੀ ਜੱਥੇ ਵਿਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਨੇ ਇਹ ਬੇਨਤੀ ਸਵੀਕਾਰ ਕਰ ਲਈ।

ਪ੍ਰਧਾਨ ਮੰਤਰੀ ਨਾਲ ਮੁਲਾਕਾਤ ਦੌਰਾਨ ਕੈਪਟਨ ਵੱਲੋਂ 55ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਜਾਣ ਵਾਲੇ ਵਿਸ਼ੇਸ਼ ਸਰਬ ਪਾਰਟੀ ਜੱਥੇ ਨੂੰ ਸਿਆਸੀ ਮਨਜ਼ੂਰੀ ਦਿਵਾਉਣ ਲਈ ਨਿੱਜੀ ਤੌਰ ‘ਤੇ ਦਖ਼ਲ ਦੇਣ ਲਈ ਬੇਨਤੀ ਕੀਤੀ। ਉਨ੍ਹਾਂ ਬੇਨਤੀ ਕੀਤੀ ਕਿ 30 ਤੋਂ 3 ਨਵੰਬਰ ਤਕ 21 ਵਿਅਕਤੀਆਂ ਦੇ ਜੱਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਅਤੇ ਸ੍ਰੀ ਨਨਕਾਣਾ ਸਾਹਿਬ ਤੋਂ ਸੁਲਤਾਨਪੁਰ ਲੋਧੀ ਤਕ ਬਰਾਸਤਾ ਅੰਮਿ੍ਤਸਰ (ਵਾਹਗਾ) ਨਗਰ ਕੀਰਤਨ ਲਿਜਾਣ ਦੀ ਆਗਿਆ ਦਿੱਤੀ ਜਾਵੇ। ਨਗਰ ਕੀਰਤਨ 4 ਨਵੰਬਰ ਨੂੰ ਸੁਲਤਾਨਪੁਰ ਲੋਧੀ ਪੁੱਜੇਗਾ।

ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੂੰ ਵੀ ਅਰਧ ਸਰਕਾਰੀ ਪੱਤਰ ਲਿਖਦਿਆਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਨੂੰ ਰਸਮੀ ਤੌਰ ‘ਤੇ ਪ੍ਰਵਾਨਗੀ ਦਿਵਾਉਣ ਦੀ ਮੰਗ ਕੀਤੀ ਅਤੇ ਨਗਰ ਕੀਰਤਨ ਨੂੰ ਪਾਕਿਸਤਾਨ ਤੋਂ ਪੰਜਾਬ ਲਿਆਉਣ ਦੀ ਮਨਜ਼ੂਰੀ ਮੰਗੀ।

ਸੂਬਾ ਸਰਕਾਰ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ 5 ਤੋਂ 15 ਨਵੰਬਰ ਤਕ ਉਲੀਕੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਸੰਗਤ ਦੀ ਸੰਖੇਪ ਜਨਤਕ ਸਭਾ ਉਪਰੰਤ ਸਮਾਗਮ ਨੂੰ ਹਰੀ ਝੰਡੀ ਦਿੱਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਪਹਿਲੀ ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤਕ ਸਰਬ ਭਾਰਤੀ ਮੀਟਿੰਗ ਕਰਵਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ।