ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਕ ਹੋਰ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਗਈ ਹੈ। ਅਕਾਲੀ ਦਲ (ਅੰਮ੍ਰਿਤਸਰ) ਨੇ ਸਮਾਜਸੇਵੀ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।
ਦੱਸ ਦਈਏ ਕਿ ਲੱਖਾ ਸਿਧਾਣਾ ਦੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦੀ ਚਰਚਾ ਸੀ ਤੇ ਉਹ ਪਿਛਲੇ ਕਾਫੀ ਦਿਨਾਂ ਤੋਂ ਇਲਾਕੇ ਵਿਚ ਸਰਗਰਮ ਵੀ ਨਜ਼ਰ ਆ ਰਹੇ ਸਨ। ਹੁਣ ਅਕਾਲੀ ਦਲ ਅੰਮ੍ਰਿਤਸਰ ਨੇ ਲੱਖਾ ਸਿਧਾਣਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਚੇਤੇ ਰਹੇ ਕਿ ਲੱਖਾ ਸਿਧਾਣਾ ਨੇ ਹਲਕਾ ਮੌੜ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ, ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਸੀ।
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਉਹਨਾਂ ਦੀ ਪਾਰਟੀ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਜੰਮੂ ਕਸ਼ਮੀਰ ਤੋਂ ਲੋਕ ਸਭਾ ਦੀ ਚੋਣ ਲੜ ਰਹੀ ਹੈ। ਸਮਾਜ ਸੇਵੀ ਲੱਖਾ ਸਿਧਾਣਾਂ ਨੂੰ ਉਸਦੀਆਂ ਪੰਜਾਬ ਦੇ ਲੋਕਾਂ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਨੂੰ ਮੁੱਖ ਰੱਖਦਿਆਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਰਿਹਾ ਹੈ।