ਸਟੇਟ ਬਿਊਰੋ, ਨਵੀਂ ਦਿੱਲੀ : ਦਿੱਲੀ ਆਬਕਾਰੀ ਘੁਟਾਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਵੱਲੋਂ ਪੁੱਛਗਿੱਛ ਲਈ ਨੋਟਿਸ ਜਾਰੀ ਕੀਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਨੂੰ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਡਰ ਹੈ।
‘ਆਪ’ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਭਾਜਪਾ: ਆਤਿਸ਼ੀ
ਨੋਟਿਸ ਤੋਂ ਬਾਅਦ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ‘ਚ ਕੈਬਨਿਟ ਮੰਤਰੀ ਆਤਿਸ਼ੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਇਸ ਨੋਟਿਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਕੇਂਦਰ ਸਰਕਾਰ ਦਾ ਇਕ ਹੀ ਉਦੇਸ਼ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਕਿਸੇ ਵੀ ਤਰੀਕੇ ਨਾਲ ਖ਼ਤਮ ਕਰ ਦੇਵੇ। ਆਪ ਨੂੰ ਖ਼ਤਮ ਕਰਨ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਹ ਕਿਸੇ ਵੀ ਤਰੀਕੇ ਨਾਲ ਫ਼ਰਜ਼ੀ ਕੇਸ ਬਣਾ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ, ਤਾਂ ਜੋ ਆਮ ਆਦਮੀ ਪਾਰਟੀ ਨੂੰ ਖ਼ਤਮ ਕੀਤਾ ਜਾ ਸਕੇ।
Senior AAP Leader and Minister @AtishiAAP Addressing an Important Press Conference | LIVE https://t.co/6eZW5zN42y
— AAP (@AamAadmiParty) October 31, 2023
PM ਦੇ ਜਿੱਤ ਦੇ ਰੱਥ ਨੂੰ ਰੋਕ ਸਕਦੇ ਹਨ ਕੇਜਰੀਵਾਲ
ਉਨ੍ਹਾਂ ਕਿਹਾ ਕਿ 2014 ਵਿਚ ਜਦੋਂ ਤੋਂ ਮੋਦੀ ਜੀ ਪ੍ਰਧਾਨ ਮੰਤਰੀ ਬਣੇ ਹਨ, ਉਦੋਂ ਤੋਂ ਹੀ ਉਨ੍ਹਾਂ ਨੂੰ ਇਹ ਡਰ ਸਤਾਉਂਦਾ ਰਿਹਾ ਹੈ ਕਿ ਉਨ੍ਹਾਂ ਦੀ ਜਿੱਤ ਦੇ ਰੱਥ ਨੂੰ ਸਿਰਫ਼ ਇਕ ਨੇਤਾ ਰੋਕ ਸਕਦਾ ਹੈ, ਉਹ ਹੈ ਅਰਵਿੰਦ ਕੇਜਰੀਵਾਲ। ਦਿੱਲੀ ਦੀਆਂ ਅੱਜ ਤੱਕ ਦੀਆਂ ਜਿੱਤਾਂ ਇਸ ਗੱਲ ਦਾ ਸਬੂਤ ਹਨ। ਇਸੇ ਡਰ ਕਾਰਨ ਕੇਜਰੀਵਾਲ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ 2 ਨਵੰਬਰ ਨੂੰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਹੁੰਦੀ ਹੈ ਤਾਂ ਇਸ ਤੋਂ ਸਾਫ ਹੁੰਦਾ ਹੈ ਕਿ ਪੂਰੀ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਿਰਫ਼ ਆਮ ਆਦਮੀ ਪਾਰਟੀ ਨਾਲ ਖਤਮ ਨਹੀਂ ਹੋਣ ਵਾਲੀ ਹੈ। ਇਸ ਤੋਂ ਬਾਅਦ ਹੋਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਇਸੇ ਤਰ੍ਹਾਂ ਗ੍ਰਿਫ਼ਤਾਰ ਕੀਤਾ ਜਾਵੇਗਾ।


