-ਤਰਨਤਾਰਨ ਦੀ ਜਨਰਲ ਬਾਡੀ ਦੀ ਮੀਟਿੰਗ ਦੌਰਾਨ ਲਾਏ ਦੋਸ਼

ਪੱਤਰ ਪੇ੍ਰਰਕ, ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਤਹਿਸੀਲ ਕਮੇਟੀ ਤਰਨਤਾਰਨ ਦੀ ਜਨਰਲ ਬਾਡੀ ਦੀ ਮੀਟਿੰਗ ਦਿਲਬਾਗ ਸਿੰਘ ਪੱਖੋਕੇ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਉਚੇਚੇ ਤੌਰ ‘ਤੇ ਸ਼ਾਮਲ ਹੋਏ ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ ਅਤੇ ਟੀਐੱਸਯੂ ਦੇ ਸਾਬਕਾ ਸੂਬਾਈ ਸਕੱਤਰ ਜਗਤਾਰ ਸਿੰਘ ਉੱਪਲ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਰਾਜਸੱਤਾ ਤੇ ਬਿਰਾਜਮਾਨ ਕਾਰਪੋਰੇਟ ਪੱਖੀ ਿਫ਼ਰਕੂ ਸਰਕਾਰ ਦੇਸ਼ ਦੇ ਜਮਹੂਰੀ ਅਤੇ ਧਰਮ ਨਿਰਪੱਖ ਢਾਂਚੇ ਨੂੰ ਤਬਾਹ ਕਰ ਰਹੀ ਹੈ। ਕੇਂਦਰ ਸਰਕਾਰ ਦੇ ਇਨ੍ਹਾਂ ਕੰਮਾਂ ਕਾਰਨ ਦੇਸ਼ ਦੇ ਘੱਟ ਗਿਣਤੀ ਲੋਕਾਂ ਵਿਚ ਸਹਿਮ ਦਾ ਮਾਹੌਲ ਪੈਦਾ ਹੋ ਰਿਹਾ ਹੈ।

ਸੰਵਿਧਾਨਕ ਸੰਸਥਾਵਾਂ ਆਪਣੀ ਭਰੋਸੇਯੋਗਤਾ ਗੁਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਬੋਲਣ ‘ਤੇ ਰਾਜ ਕਰਦੀ ਧਿਰ ਦੀ ਨੁਕਤਾਚੀਨੀ ਕਰਨ ਦੇ ਜਮਹੂਰੀ ਅਧਿਕਾਰਾਂ ਨੂੰ ਖੋਹਿਆ ਜਾ ਰਿਹਾ ਹੈ। ਵਿਰੋਧ ਦੀ ਅਵਾਜ਼ ਨੂੰ ਦੇਸ਼ ਵਿਰੋਧੀ ਸਾਬਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਗਰੀਬ ਅਤੇ ਆਮ ਲੋਕ ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਪਰੇਸ਼ਾਨ ਹਨ। ਦੇਸ਼ ਦੇ ਜਨਤਕ ਖੇਤਰ ਦੇ ਅਦਾਰੇ ਅਤੇ ਕੁਦਰਤੀ ਸਰੋਤ ਕਾਰਪੋਰੇਟ ਘਰਾਣਿਆਂ ਹਵਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਅੰਨ੍ਹੀ ਸੇਵਾ ਵਿਚ ਜੁਟੀ ਸਰਕਾਰ ਦੇਸ਼ ਦੀ ਸੰਸਦ ਵਿਚ ਉਠਦੀ ਅਵਾਜ਼ ਨੂੰ ਵੀ ਦਬਾਉਣਾ ਚਾਹੁੰਦੀ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਗੈਰ ਜਮਹੂਰੀ ਤਰੀਕੇ ਨਾਲ ਰੱਦ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਵਾਰ ਫਿਰ ਿਫ਼ਰਕੂ ਏਜੰਡੇ ਰਾਹੀਂ ਅੱਗ ਦੀ ਭੱਠੀ ਵਿੱਚ ਝੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿਚ ਉਪਜੀ ਲਾਮਿਸਾਲ ਏਕਤਾ ਤੇ ਭਾਈਚਾਰਕ ਸਾਂਝ ਸਦਕਾ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਬਦਲਾਖੋਰੀ ਦੇ ਰਾਹ ਪੈ ਕੇ ਪੰਜਾਬੀਆਂ ਤੇ ਖਾਸ ਕਰਕੇ ਸਿੱਖ ਭਾਈਚਾਰੇ ਨੂੰ ਸਾਰੇ ਦੇਸ਼ ਵਿਚ ਬਦਨਾਮ ਕੀਤਾ ਜਾ ਰਿਹਾ ਹੈ। ਕੁਝ ਮੁੱਠੀਭਰ ਲੋਕ ਆਪਣੇ ਅਮਲਾਂ ਰਾਹੀਂ ਕੇਂਦਰ ਸਰਕਾਰ ਦੀ ਸਾਜ਼ਿਸ਼ ਨੂੰ ਕਾਮਯਾਬ ਕਰ ਰਹੇ ਹਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਸਕੱਤਰ ਮੁੱਖਤਾਰ ਸਿੰਘ ਮੱਲਾ ਅਤੇ ਬਲਦੇਵ ਸਿੰਘ ਪੰਡੋਰੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫਸਲਾਂ ਲਈ ਤੁਰੰਤ ਮੁਆਵਜ਼ਾ ਦੇਣ ਅਤੇ ਬੇਦੋਸ਼ੇ ਅਤੇ ਸ਼ੱਕ ਦੇ ਆਧਾਰ ‘ਤੇ ਫੜੇ ਲੋਕਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਰਾਜਧਾਨੀ ਪੰਜਾਬ ਦੇ ਹਵਾਲੇ ਕੀਤੀ ਜਾਵੇ, ਮਰ ਰਹੀ ਜਵਾਨੀ ਨੂੰ ਬਚਾਉਣ ਲਈ ਨਸ਼ਿਆਂ ‘ਤੇ ਸਖਤ ਪਾਬੰਦੀ ਲਾਈ ਜਾਵੇ ਅਤੇ ਨਸ਼ੇ ਦੇ ਵਪਾਰੀਆਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ। ਇਸ ਮੌਕੇ ਕੁਲਦੀਪ ਸਿੰਘ, ਹਰਦੀਪ ਸਿੰਘ ਉਸਮਾ, ਅਸ਼ਵਨੀ ਕੁਮਾਰ, ਸਤਨਾਮ ਸਿੰਘ, ਨਿਰਮਲ ਸਿੰਘ ਤਰਨਤਾਰਨ, ਗੁਰਪ੍ਰਰੀਤ ਸਿੰਘ ਪਿੰਕੂ ਨੌਰੰਗਾਬਾਦ, ਹਰਚਰਨ ਸਿੰਘ, ਕੁਲਵਿੰਦਰ ਸਿੰਘ ਪੰਡੋਰੀ, ਗੁਰਪ੍ਰਤਾਪ ਸਿੰਘ ਬਾਠ, ਸਰਵਨ ਸਿੰਘ ਦੇਓ, ਬੁੱਧ ਸਿੰਘ, ਗੁਰਭੇਜ ਸਿੰਘ ਪੱਖੋਕੇ, ਬਲਵਿੰਦਰ ਸਿੰਘ, ਦਿਲਬਾਗ ਸਿੰਘ ਬਾਗੜੀਆਂ, ਪਰਮਜੀਤ ਸਿੰਘ ਗੰਡੀਵਿੰਡ ਆਦਿ ਆਗੂ ਹਾਜ਼ਰ ਸਨ।