ਜਤਿੰਦਰ ਪੰਮੀ, ਜਲੰਧਰ
ਸੂਬੇ ਦੇ ਉਦਯੋਗਿਕ ਵਿਕਾਸ ਖਾਸ ਕਰਕੇ ਪੇਂਡੂ ਇਲਾਕਿਆਂ ਦੇ ਵਿਕਾਸ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਸਿਰਜਣ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਇੱਥੇ ‘ਸਰਕਾਰ-ਸਨਅਤਕਾਰ ਮਿਲਣੀ’ ਦੌਰਾਨ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਵੱਲੋਂ ਜਲੰਧਰ ‘ਚ ਕਨਵੈਂਨਸ਼ਨ ਸੈਂਟਰ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਏਅਰਪੋਰਟ ਜਾਂ ਰੇਲਵੇ ਸਟੇਸ਼ਨ ਦੀ ਨੇੜਲੀ ਥਾਂ ‘ਤੇ ਸਥਾਪਤ ਕੀਤਾ ਜਾਵੇਗਾ ਤਾਂ ਕਿ ਸਨਅਤਕਾਰਾਂ ਨੂੰ ਸਹੂਲਤ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਹਰੇਕ ਯਤਨ ਸੂਬੇ ਵਿਚ ਉਦਯੋਗਿਕ ਵਿਕਾਸ ਲਈ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਐੱਮਐੱਸਐੱਮਈ ਸੈਕਟਰ ‘ਚ ਪੰਜਾਬ ਨੇ ਦੇਸ਼ ਭਰ ਵਿੱਚੋਂ ਬਾਜ਼ੀ ਮਾਰੀ ਹੈ। ਪੰਜਾਬ ‘ਚ 2.75 ਲੱਖ ਐੱਮਐੱਸਐੱਮਈ ਯੂਨਿਟਾਂ ਦੀ ਰਜਿਸਟੇ੍ਸ਼ਨ ਹੋਈ ਹੈ ਜੋ ਮੁਲਕ ‘ਚ ਹੁਣ ਤੱਕ ਸਭ ਤੋਂ ਵੱਧ ਹੈ। ਐੱਮਐੱਸਐੱਮਈ ਦੀ ਸੂਬੇ ਤੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ‘ਚ ਵੱਡੀ ਭੂਮਿਕਾ ਹੈ।
ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ‘ਚ ਹੁੰਦੇ ਹੋਏ ਲੋਕਾਂ ਵਿੱਚ ਜਾਣ ਦੀ ਬਜਾਏ ਮਹਿਲਾਂ ‘ਚ ਰਹਿਣ ਵਾਲੇ ਸਿਆਸਤਦਾਨਾਂ ਨੂੰ ਇਨ੍ਹਾਂ ਲੋਕਾਂ ਨੇ ਹੀ ਸੂਬੇ ਦੇ ਸਿਆਸੀ ਨਕਸ਼ੇ ਤੋਂ ਮਿਟਾ ਦਿੱਤਾ। ਪੰਜਾਬ ‘ਚ ਹੁਣ ਬਦਲਾਅ ਦੇਖਿਆ ਜਾਣ ਲੱਗਾ ਹੈ ਕਿਉਂਕਿ ਪਹਿਲੀ ਵਾਰ ਸ਼ਾਸਨ ‘ਚ ਲੋਕ ਪੱਖੀ ਫੈਸਲਿਆਂ ਨੂੰ ਤਰਜੀਹ ਮਿਲਣ ਲੱਗੀ ਹੈ। ਸੂਬੇ ਦੇ ਲੋਕ ਇਨ੍ਹਾਂ ਤਜਰਬੇਕਾਰ ਸਿਆਸਤਦਾਨਾਂ ਤੋਂ ਅੱਕ ਚੁੱਕੇ ਸਨ ਕਿਉਂਕਿ ਇਹ ਲੋਕ ਆਪਣੇ ਸੌੜੇ ਹਿੱਤਾਂ ਲਈ ਸੱਤਾ ਦੀ ਦੁਰਵਰਤੋਂ ਕਰਦੇ ਸਨ। ਇਨ੍ਹਾਂ ਨੇਤਾਵਾਂ ਨੇ ਲੋਕਾਂ ਨੂੰ ਹਮੇਸ਼ਾ ਗੁਮਰਾਹ ਕੀਤਾ ਹੈ ਜਿਸ ਕਰ ਕੇ ਇਨ੍ਹਾਂ ਨੂੰ ਲੋਕਾਂ ਨੇ ਬੁਰੀ ਤਰਾਂ੍ਹ ਨਾਕਾਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕੋਲ ਲੋਕਾਂ ਨੂੰ ਲੁੱਟਣ ਦਾ ਤਜਰਬਾ ਤਾਂ ਨਹੀਂ ਹੋ ਸਕਦਾ ਪਰ ਯਕੀਨਨ ਤੌਰ ‘ੁਤੇ ਸਾਡੇ ਕੋਲ ਹਸਪਤਾਲ, ਸਕੂਲਾਂ ਅਤੇ ਹੋਰ ਲੋਕ ਭਲਾਈ ਦੇ ਕੰਮ ਕਰਕੇ ਲੋਕਾਂ ਦੀ ਸੇਵਾ ਕਰਨ ਦਾ ਤਜਰਬਾ ਜ਼ਰੂਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਲੋਕ ਸਫ਼ਲ ਹੋਣ ਤੋਂ ਡਰਦੇ ਸਨ ਕਿਉਂਕਿ ਨੇਤਾ ਉਨ੍ਹਾਂ ਦੇ ਕੰਮਕਾਰ ‘ਚ ਹਿੱਸਾਪੱਤੀ ਪਾ ਲੈਂਦੇ ਸਨ। ਇਨ੍ਹਾਂ ਲੀਡਰਾਂ ਨੇ ਜਨਤਾ ਨੂੰ ਖਾਸ ਕਰਕੇ ਸਫਲ ਉਦਯੋਗਪਤੀਆਂ ਨੂੰ ਲੁੱਟਿਆ ਹੈ। ਹੁਣ ਸੂਬੇ ਵਿੱਚ ਅਸਲ ਮਾਅਨਿਆਂ ‘ਚ ਸਿੰਗਲ ਵਿੰਡੋ ਸਿਸਟਮ ਵਾਲੀ ਉਦਯੋਗ ਪੱਖੀ ਸਰਕਾਰ ਹੈ।
ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਰੁਕੀ ਹੋਈ ਸਪਲਾਈ 2015 ਤੋਂ ਬਾਅਦ ਹੁਣ ਮੁੜ ਸ਼ੁਰੂ ਹੋ ਗਈ ਹੈ। ਪਿਛਲੀਆਂ ਸਰਕਾਰਾਂ ਨੇ ਇਸ ਕੋਲਾ ਖਾਣ ਤੋਂ ਸਪਲਾਈ ਰੋਕ ਕੇ ਨਿੱਜੀ ਥਰਮਲ ਪਲਾਟਾਂ ਤੋਂ ਗੈਰ-ਕਾਨੂੰਨੀ ਢੰਗ ਨਾਲ ਪੈਸਾ ਇਕੱਠਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ ਵਚਨਬੱਧ ਹੈ। ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੂਬੇ ਨੂੰ ਰੇਲ-ਸ਼ਿਪ-ਰੇਲ ਰਾਹੀਂ ਕੋਲਾ ਮੁਹੱਈਆ ਕਰਵਾਉਣ ਦੇ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਦੇ ਵਿਰੋਧ ਤੋਂ ਬਾਅਦ ਇਹ ਫੈਸਲਾ ਵਾਪਸ ਲਿਆ ਗਿਆ ਹੈ। ਇਹ ਸੂਬੇ ਨਾਲ ਬੇਇਨਸਾਫ਼ੀ ਸੀ ਜਿਸ ਦਾ ਡਟ ਕੇ ਵਿਰੋਧ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਨਅਤਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਸਬ-ਸਟੇਸ਼ਨਾਂ ਦਾ ਨਿਰਮਾਣ ਕਰੇਗੀ। ਇਹ ਸੂਬੇ ‘ਚ ਉਦਯੋਗਾਂ ਨੂੰ ਹੁਲਾਰਾ ਦੇਣ ‘ਚ ਅਹਿਮ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ‘ਚ ਆਰਥਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਮੰਗ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਵਾਲੀਆਂ ਹੋਰ ਪਾਰਟੀਆਂ ਦੇ ਉਲਟ ‘ਆਪ’ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਖੇਤਰਾਂ ਸਬੰਧੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪਤਵੰਤਿਆਂ ਦਾ ਸਵਾਗਤ ਕੀਤਾ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬਾ ਸਰਕਾਰ ਦੇ ਕਾਰਜਕਾਲ ਦੇ ਪਿਛਲੇ 18 ਮਹੀਨਿਆਂ ਦੌਰਾਨ ਸੂਬੇ ‘ਚ ਹੋਏ ਉਦਯੋਗਿਕ ਵਿਕਾਸ ਬਾਰੇ ਸੰਖੇਪ ਪੇਸ਼ਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ, ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ, ਰਾਜ ਸਭਾ ਮੈਂਬਰ ਰਾਘਵ ਚੱਢਾ, ਸੰਤ ਬਲਬੀਰ ਸਿੰਘ ਸੀਚੇਵਾਲ, ਵਿਕਰਮਜੀਤ ਸਾਹਨੀ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਵੀ ਹਾਜ਼ਰ ਸਨ।



