ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਵਸ ਸਮਾਗਮ ਆਪਣੇ ਪੱਧਰ ਤੇ ਮਨਾਉਣ ਦੇ ਕੀਤੇ ਜਾ ਰਹੇ ਯਤਨਾਂ ਤੇ ਇਤਰਾਜ਼ ਜਤਾਇਆ ਗਿਆ। ਮੀਟਿੰਗ ਚ ਸਰਕਾਰ ਨੂੰ ਆਖਿਆ ਗਿਆ ਕਿ ਉਹ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਨਾ ਕਰੇ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਐਲਾਨ ਕਰੇ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਰੋਜ਼ ਹੀ ਲੋਕਾਂ ਕੋਲੋਂ ਸਮਾਗਮਾਂ ਸਬੰਧੀ ਸੁਝਾਅ ਮੰਗੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੈ ਅਤੇ ਸੰਵਿਧਾਨਕ ਤੌਰ ਤੇ ਬਣੀ ਹੋਈ ਸੰਸਥਾ ਹੈ ਅਤੇ ਉਹ ਹੀ ਧਾਰਮਿਕ ਕਾਰਜ ਕਰਦੀ ਆ ਰਹੀ ਹੈ।
