ਸਤਵਿੰਦਰ ਸ਼ਰਮਾ,ਲੁਧਿਆਣਾ : ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿੱਚ ‘ਸਵੱਛਤਾ’ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ, ਨਗਰ ਨਿਗਮ ਨੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ‘ਚ ਰਾਤ ਵੇਲੇ ਸਫ਼ਾਈ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਹ ਪਹਿਲਕਦਮੀ ਸੂਬਾ ਸਰਕਾਰ ਦੇ ਨਿਰਦੇਸ਼ਾਂ ‘ਤੇ ਤਿਉਹਾਰਾਂ ਦੌਰਾਨ ਬਾਜ਼ਾਰਾਂ ਨੂੰ ਸਾਫ਼-ਸੁਥਰਾ ਰੱਖਣ ਲਈ ਕੀਤੀ ਗਈ ਹੈ। ਕਿਉਂ ਜੋ ਦਿਨ ਵੇਲੇ ਭੀੜ-ਭੜੱਕੇ ਵਾਲੇ ਬਾਜ਼ਾਰਾਂ ‘ਚ ਸਫ਼ਾਈ ਮੁਹਿੰਮ ਚਲਾਉਣੀ ਅੌਖੀ ਹੁੰਦੀ ਹੈ, ਇਸ ਕਰ ਕੇ ਉੱਥੇ ਰਾਤ ਸਮੇਂ ਸਫ਼ਾਈ ਮੁਹਿੰਮ ਚਲਾਈ ਜਾਂਦੀ ਹੈ। ਰਾਤ ਨੂੰ ਸਫ਼ਾਈ ਕਰਨ ਲਈ ਸਫ਼ਾਈ ਸੇਵਕਾਂ ਦੀ ਵਿਸ਼ੇਸ਼ ਟੀਮ ਬਣਾਈ ਗਈ ਹੈ ਤੇ ਸੀਨੀਅਰ ਅਧਿਕਾਰੀਆਂ ਵੱਲੋਂ ਗਰਾਊਂਡ ਸਟਾਫ ‘ਤੇ ਨਜ਼ਰ ਵੀ ਰੱਖੀ ਜਾਂਦੀ ਹੈ। ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ (ਜ਼ੋਨ ਡੀ) ਜਸਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਨਿਰਦੇਸ਼ਾਂ ‘ਤੇ ਰਾਤ ਨੂੰ ਸਫ਼ਾਈ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਪਹਿਲਕਦਮੀ ਤਹਿਤ ਸਰਾਭਾ ਨਗਰ ਮੇਨ ਬਾਜ਼ਾਰ, ਬਲਾਕ-ਐਫ ਮਾਰਕੀਟ, ਬੀਆਰਐਸ.ਨਗਰ ਆਦਿ ਨੂੰ ਪਹਿਲਾਂ ਹੀ ਕਵਰ ਕੀਤਾ ਜਾ ਚੁੱਕਾ ਹੈ ਅਤੇ ਜਲਦੀ ਹੀ ਜਵਾਹਰ ਨਗਰ ਕੈਂਪ, ਸਰਾਭਾ ਨਗਰ ਆਈ-ਬਲਾਕ ਮਾਰਕੀਟ, ਮਾਡਲ ਟਾਊਨ ਮਾਰਕੀਟ ਸਮੇਤ ਹੋਰ ਇਲਾਕਿਆਂ ਵਿੱਚ ਵੀ ਨਾਈਟ ਸਵੀਪਿੰਗ ਸ਼ੁਰੂ ਕੀਤੀ ਜਾਵੇਗੀ।

ਇਸੇ ਤਰਾਂ੍ਹ ਜ਼ੋਨਲ ਕਮਿਸ਼ਨਰ (ਜ਼ੋਨ ਬੀ) ਨੀਰਜ ਜੈਨ ਨੇ ਦੱਸਿਆ ਕਿ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕੰਮ ਕਰਦੇ ਹੋਏ ‘ਸਵੱਛਤਾ’ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਸਵੇਰ ਅਤੇ ਸ਼ਾਮ ਦੀ ਸਫ਼ਾਈ ਮੁਹਿੰਮ ਵੀ ਚਲਾਈ ਜਾ ਰਹੀ ਹੈ। ਵਸਨੀਕਾਂ ਨੂੰ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਅਧਿਕਾਰੀਆਂ ਦਾ ਸਹਿਯੋਗ ਕਰਨ ਤੇ ਖੁੱਲ੍ਹੀਆਂ ਥਾਵਾਂ ‘ਤੇ ਕੂੜਾ ਸੁੱਟਣਾ ਬੰਦ ਕਰਨ।

ਇਸ ਦੌਰਾਨ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਰਾਤ ਦੀ ਸਫ਼ਾਈ (ਨਾਈਟ ਸਵੀਪਿੰਗ) ਕਈ ਹੋਰ ਪਹਿਲਕਦਮੀਆਂ ਵਿੱਚੋਂ ਇੱਕ ਹੈ ਜੋ ਸ਼ਹਿਰ ਵਿੱਚ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਕੂੜੇ ਦੇ ਪ੍ਰਬੰਧਨ ਵਿੱਚ ਸੁਧਾਰ ਕਰਨ ਲਈ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਗਰੀਨ ਦੀਵਾਲੀ’ ਮਨਾਉਣ ਤੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ ਵਿਰੁੱਧ ਲੜਾਈ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਸੰਦੀਪ ਰਿਸ਼ੀ ਨੇ ਸ਼ਹਿਰ ਵਾਸੀਆਂ ਨੂੰ ਪਾਬੰਦੀਸ਼ੁਦਾ ਪਲਾਸਟਿਕ ਕੈਰੀ ਬੈਗ ਤੇ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਦੀ ਵਰਤੋਂ ਬੰਦ ਕਰਨ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ-ਵੱਖ ਕਰਕੇ ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣ ਅਤੇ ਕੂੜੇ ਦੇ ਪ੍ਰਬੰਧਨ ਵਿੱਚ ਅਧਿਕਾਰੀਆਂ ਦਾ ਸਹਿਯੋਗ ਕਰਨ।