ਹਰਪ੍ਰਰੀਤ ਸਿੰਘ ਲਾਡੀ, ਰਾਏਕੋਟ : ਚੋਣ ਕਮਿਸ਼ਨ ਵੱਲੋਂ ਸ਼ੋ੍ਮਣੀ ਕਮੇਟੀ ਵੋਟਾਂ ਬਣਾਉਣ ਲਈ ਜਾਰੀ ਕੀਤੇ ਗਏ ਫਾਰਮ ‘ਚ ਜਾਤੀਵਾਦ ਵਾਲਾ ਕਾਲਮ ਛਾਪ ਕੇ ਸਿੱਖ ਕੌਮ ‘ਚ ਵੰਡੀਆਂ ਪਾਉਣ ਦਾ ਯਤਨ ਕੀਤਾ ਗਿਆ ਹੈ। ਉਕਤ ਪ੍ਰਗਟਾਵਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਪੰਥ ਦੀ ਸਾਜਨਾ ਕਰਨ ਸਮੇਂ ਜਾਤੀਵਾਦ ਨੂੰ ਖਤਮ ਕਰਦਿਆਂ ਪੰਜ ਪਿਆਰੇ ਸਾਜੇ ਸਨ, ਜਿਸ ਨਾਲ ਸਿੱਖ ਕੌਮ ‘ਚ ਹਰ ਇਕ ਨੂੰ ਬਿਨਾਂ ਕਿਸੇ ਭੇਦ-ਭਾਵ ਦੇ ਮਾਣ ਸਤਿਕਾਰ ਦਿੱਤਾ ਜਾਂਦਾ ਰਿਹਾ ਹੈ।

ਉਨ੍ਹਾਂ ਕਿਹਾ ਸੂਬੇ ‘ਚ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਾਂ ਬਣਾਉਣ ਲਈ ਚੋਣ ਕਮਿਸ਼ਨ ਵੱਲੋਂ ਪ੍ਰਕਿਰਿਆ ਚੱਲ ਰਹੀ ਹੈ ਤੇ ਜਿਸ ਦੌਰਾਨ ਨਵੀਂ ਵੋਟ ਬਣਾਉਣ ਵਾਲੇ ਫਾਰਮ ‘ਚ ਅਨੁਸੂਚਿਤ ਜਾਤੀਆਂ ਲਈ ਕਾਲਮ ਅਲੱਗ ਤੇ ਹੇਠਾਂ ਦਿੱਤਾ ਗਿਆ ਹੈ, ਜਿਸ ਨਾਲ ਜਾਤੀਵਾਦ ਨੂੰ ਉਭਾਰਨ ਦਾ ਕੋਝਾ ਯਤਨ ਕੀਤਾ ਗਿਆ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਵੋਟ ਬਣਾਉਣ ਵਾਲੇ ਫਾਰਮ ‘ਚ ਇਸ ਕਾਲਮ ਨੂੰ ਖ਼ਤਮ ਕੀਤਾ ਜਾਵੇ ਤਾਂ ਜੋ ਭੇਦ-ਭਾਵ ਤੇ ਜਾਤ-ਪਾਤ ਦੇ ਪਾੜੇ ਨੂੰ ਜੜੋਂ ਖ਼ਤਮ ਕੀਤਾ ਜਾ ਸਕੇ।