ਕੂਚ ਬਿਹਾਰ (ਪੱਛਮੀ ਬੰਗਾਲ), 4 ਅਪਰੈਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਭਾਜਪਾ ’ਤੇ ਲੋਕ ਸਭਾ ਚੋਣਾਂ ਲਈ ਲਾਗੂ ਆਦਰਸ਼ ਚੋਣ ਜ਼ਾਬਤੇ (ਐੱਮਸੀਸੀ) ਦੀ ਪਾਲਣਾ ਨਾ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਜ਼ਹਿਰੀਲੇ ਸੱਪਾਂ ’ਤੇ ਭਰੋਸਾ ਕੀਤਾ ਜਾ ਸਕਦਾ ਹੈ ਪਰ ਭਾਜਪਾ ’ਤੇ ਨਹੀਂ।
ਕੂਚ ਬਿਹਾਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਬੈਨਰਜੀ ਨੇ ਦੋਸ਼ ਲਾਇਆ ਕਿ ਕੇਂਦਰੀ ਜਾਂਚ ਏਜੰਸੀਆਂ, ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐੱਸਐੱਫ) ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਇਸ ਪਾਸੇ ਧਿਆਨ ਦੇਣ ਅਤੇ ਸਾਰਿਆਂ ਲਈ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣਾ ਯਕੀਨੀ ਬਣਾਏ ਜਾਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ, ‘‘ਤੁਸੀਂ ਜ਼ਹਿਰੀਲੇ ਸੱਪ ’ਤੇ ਭਰੋਸਾ ਕਰ ਸਕਦੇ ਹੋ, ਤੁਸੀਂ ਇਸ ਨੂੰ ਪਾਲ ਸਕਦੇ ਹੋ, ਪਰ ਤੁਸੀਂ ਕਦੇ ਵੀ ਭਾਜਪਾ ਉੱਤੇ ਭਰੋਸਾ ਨਹੀਂ ਕਰ ਸਕਦੇ… ਭਾਜਪਾ ਦੇਸ਼ ਨੂੰ ਬਰਬਾਦ ਕਰ ਰਹੀ ਹੈ।’’
ਉਨ੍ਹਾਂ ਕਿਹਾ, ‘‘ਟੀਐੱਮਸੀ ਕੇਂਦਰੀ ਏਜੰਸੀਆਂ ਦੀਆਂ ਧਮਕੀਆਂ ਅੱਗੇ ਨਹੀਂ ਝੁਕੇਗੀ।’’ ਬੈਨਰਜੀ ਨੇ ਕੂਚ ਬਿਹਾਰ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜੇ 19 ਅਪਰੈਲ ਦੀਆਂ ਚੋਣਾਂ ਤੋਂ ਪਹਿਲਾਂ ‘ਬੀਐੱਸਐੱਫ ਵੱਲੋਂ ਸਥਾਨਕ ਲੋਕਾਂ ਨਾਲ ਧੱਕਾ’ ਕੀਤਾ ਜਾਂਦਾ ਹੈ ਤਾਂ ਉਹ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਉਣ।
ਨਿਸਿਥ ਪ੍ਰਮਾਣਿਕ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ, ‘‘ਇਹ ਦੇਸ਼ ਲਈ ਨਮੋਸ਼ੀ ਵਾਲੀ ਗੱਲ ਹੈ ਕਿ ਜਿਸ ਵਿਅਕਤੀ ਖਿਲਾਫ਼ ਕਈ ਕੇਸ ਦਰਜ ਹਨ, ਉਸ ਨੂੰ ਗ੍ਰਹਿ ਰਾਜ ਮੰਤਰੀ ਬਣਾਇਆ ਗਿਆ ਹੈ। ਜਿਸ ਨੂੰ ਸਾਡੀ ਪਾਰਟੀ ਵਿੱਚੋਂ ਕੱਢਿਆ ਗਿਆ ਸੀ, ਉਹ ਹੁਣ ਭਾਜਪਾ ਲਈ ਕੀਮਤੀ ਹੈ।’’