ਸਟਾਫ ਰਿਪੋਰਟਰ, ਰੂਪਨਗਰ : ਜ਼ਿਲ੍ਹੇ ‘ਚ ਨਾਜਾਇਜ਼ ਮਾਈਨਿੰਗ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਅਤੇ ਗੈਰ-ਕਾਨੂੰਨੀ ਮਾਇਨਿੰਗ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਨੇ ਸਮੂਹ ਐੱਸਡੀਐੱਮਜ਼, ਬੀਡੀਪੀਓਜ਼ ਨੂੰ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੀ ਅਗਵਾਈ ਡਿਪਟੀ ਕਮਿਸ਼ਨਰ ਪ੍ਰਰੀਤੀ ਯਾਦਵ ਨੇ ਮਾਈਨਿੰਗ ਵਿਭਾਗ ਨੂੰ ਹਦਾਇਤ ਕੀਤੀ ਕਿ ਮਾਈਨਿੰਗ ਸਬੰਧੀ ਚੱਲ ਰਹੇ ਕੋਰਟ ਕੇਸਾਂ ਦੀ ਹਰ ਪੱਖੋਂ ਪੈਰਵੀ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਅਦਾਲਤ ਵਿਚ ਚੱਲ ਰਹੇ ਕੋਰਟ ਕੇਸਾਂ ਦੀ ਰਿਪੋਰਟ ਤੁਰੰਤ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਮਾਈਨਿੰਗ ਸਬੰਧੀ ਪੈਂਡਿੰਗ ਪਈਆਂ ਸ਼ਿਕਾਇਤਾਂ (2020 2021, 2022 ਅਤੇ 2023) ਸਬੰਧੀ ਨਿੱਜੀ ਧਿਆਨ ਦਿੰਦਿਆਂ ਇਕ ਹਫਤੇ ਦੇ ਅੰਦਰ-ਅੰਦਰ ਨਿਪਟਾਰਾ ਕਰਦੇ ਹੋਏ ਰਿਪੋਰਟ ਇਸ ਦਫ਼ਤਰ ਨੂੰ ਭੇਜਣ ਦੀ ਹਦਾਇਤ ਕੀਤੀ ਗਈ।

ਇਸ ਮੌਕੇ ਡੀਸੀ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਵਿੱਚ ਇੰਟਰ ਸਟੇਟ ਨਾਕਿਆਂ ‘ਤੇ ਵਿਸ਼ੇਸ਼ ਧਿਆਨ ਦਿੰਦੇ ਹੋਏ ਨਾਜਾਇਜ਼ ਮਾਈਨਿੰਗ ਸਬੰਧੀ ਲਗਾਤਾਰ ਚੌਕਸੀ ਰੱਖੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਮਾਈਨਿੰਗ ਸਬੰਧੀ ਕਾਰਵਾਈ ਧਿਆਨ ਵਿੱਚ ਆਉਣ ‘ਤੇ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾਂ ਸਮੂਹ ਬੀਡੀਪੀਓਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜਿਨ੍ਹਾਂ ਪੰਚਾਇਤਾ ਵੱਲੋਂ ਆਪਣੇ ਪਿੰਡਾਂ ਵਿੱਚ ਮਾਈਨਿੰਗ ਕਰਨ ਸਬੰਧੀ ਪ੍ਰਵਾਨਗੀ ਦੇਣ ਤੋਂ ਇਨਕਾਰ ਕੀਤਾ ਗਿਆ ਹੈ, ਉਨ੍ਹਾਂ ਪਿੰਡਾਂ ਵਿੱਚ ਆਪਣੇ ਪੱਧਰ ਉੱਤੇ ਟੀਮਾਂ ਬਣਾ ਕੇ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ, ਜੇਕਰ ਉਨ੍ਹਾਂ ਪਿੰਡਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਨਾਜਾਇਜ਼ ਮਾਈਨਿੰਗ ਹੁੰਦੀ ਪਾਈ ਜਾਂਦੀ ਹੈ ਤਾਂ ਉਕਤ ਪੰਚਾਇਤ ਤੇ ਮਾਈਨਿੰਗ ਐਕਟ ਤਹਿਤ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਐੱਸਪੀ (ਡੀ) ਰੂਪਨਗਰ ਨੂੰ ਵੀ ਨਾਜਾਇਜ਼ ਮਾਈਨਿੰਗ ਸਬੰਧੀ ਆਪਣੇ ਪੱਧਰ ‘ਤੇ ਟੀਮਾਂ ਬਣਾ ਕੇ ਚੈਕਿੰਗ ਕਰਨ ਦੀ ਹਦਾਇਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਰੈਵੀਨਿਊ ਵਿਭਾਗ ਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਾਲੀ ਜਗ੍ਹਾ ਦੀ ਮਾਲਕੀ ਸਬੰਧੀ ਰਿਪੋਰਟ ਮੰਗੀ ਜਾਂਦੀ ਹੈ ਤਾਂ ਉਸ ਦੀ ਤੁਰੰਤ ਰਿਪੋਰਟ ਸਬੰਧਿਤ ਵਿਭਾਗ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਐਕਸੀਅਨ ਮਾਈਨਿੰਗ ਰੂਪਨਗਰ/ਸ੍ਰੀ ਅਨੰਦਪੁਰ ਸਾਹਿਬ ਨੂੰ ਹੁਕਮ ਕਰਦਿਆਂ ਕਿਹਾ ਕਿ ਨਾਜਾਇਜ਼ ਮਾਈਨਿੰਗ ਸਬੰਧੀ ਦਰਖਾਸਤ ਪੂਰੇ ਤੱਥਾਂ ਨਾਲ ਡਿਟੇਲ ਸਮੇਤ ਦਿੱਤੀ ਜਾਵੇ।