ਭੋਲਾ ਸ਼ਰਮਾ, ਜੈਤੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ‘ਜੈਤੋ ਦੇ ਮੋਰਚੇ’ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀ ਆਰੰਭਤਾ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਨਾਲ ਕੀਤੀ ਗਈ। ਮੁੱਖ ਸ਼ਤਾਬਦੀ ਸਮਾਗਮ 21 ਫ਼ਰਵਰੀ 2024 ਨੂੰ ਕੀਤਾ ਜਾਣਾ ਹੈ, ਜਦਕਿ ਇਸ ਤੋਂ ਪਹਿਲਾਂ ਸ੍ਰਮਣੀ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਅਤੇ ਸੈਮੀਨਾਰ ਕੀਤੇ ਜਾ ਰਹੇ ਹਨ।

ਅਰੰਭਤਾ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਡੀ ਗਿਣਤੀ ਵਿਚ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਚਾਰ ਸਾਂਝੇ ਕੀਤੇ।

ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗੁਰਬਾਣੀ ਦੇ ਨਾਲ-ਨਾਲ ਸਿੱਖ ਇਤਿਹਾਸ ਦੀ ਅਗਵਾਈ ਹੀ ਕੌਮ ਨੂੰ ਸਹੀ ਦਿਸ਼ਾ ਵਿਚ ਲਿਜਾ ਸਕਦੀ ਹੈ ਅਤੇ ਇਹੀ ਰਸਤਾ ਕੌਮੀ ਚੁਣੌਤੀਆਂ ਦੇ ਹੱਲ ਵੱਲ ਜਾਂਦਾ ਹੈ। ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੁੜੇ ਰਹਿਣ ਨਾਲ ਸਿੱਖ ਵਿਰੋਧੀ ਸ਼ਕਤੀਆਂ ਕੌਮ ਦਾ ਕੁਝ ਨਹੀਂ ਵਿਗਾੜ ਸਕਦੀਆਂ। ਜੇਕਰ ਸਿੱਖ ਪੰਥ ਦੀਆਂ ਸੰਸਥਾਵਾਂ ਮਜ਼ਬੂਤ ਹੋਣਗੀਆਂ ਤਾਂ ਕੌਮ ਮਜ਼ਬੂਤ ਰਹੇਗੀ।

ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਅਕਾਲੀ ਯੋਧਿਆਂ ਦਾ ਇਤਿਹਾਸ ਲਹੂ ਭਿੱਜਾ ਰਿਹਾ ਹੈ, ਜਿਸ ਦੀ ਉਦਾਹਰਣ ਜੈਤੋ ਦਾ ਮੋਰਚਾ ਹੈ। ਇਸ ਮੋਰਚੇ ਦੇ ਸ਼ਹੀਦ ਸਿੱਖ ਕੌਮ ਦਾ ਸਰਮਾਇਆ ਹਨ। ਉਨ੍ਹਾਂ ਐਲਾਨ ਕੀਤਾ ਕਿ ਜੈਤੋ ਦੇ ਮੋਰਚੇ ਦੌਰਾਨ ਜਥੇ ਲੈ ਕੇ ਪੁੱਜਣ ਵਾਲੇ ਸਿੱਖਾਂ ਅਤੇ ਸ਼ਹੀਦਾਂ ਦੇ ਪਿੰਡਾਂ ਨਗਰਾਂ ਵਿਚ ਸ਼ਤਾਬਦੀ ਨੂੰ ਸਮਰਪਤ ਸਮਾਗਮ ਕੀਤੇ ਜਾਣਗੇ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਫ਼ਰਵਰੀ 2024 ਵਿਚ ਜੈਤੋ ਮੋਰਚੇ ਦੀ ਸ਼ਤਾਬਦੀ ਖ਼ਾਲਸਾ ਪੰਥ ਵੱਲੋਂ ਵੱਡੇ ਪੱਧਰ ’ਤੇ ਮਨਾਈ ਜਾਵੇਗੀ।

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਰਿਹਾ ਹੈ ਕਿ ਇਸ ਨੇ ਸ਼ਕਤੀਸ਼ਾਲੀ ਮੁਗਲ ਅਤੇ ਬਰਤਾਨਵੀ ਹਕੂਮਤਾਂ ਨੂੰ ਚੁਣੌਤੀ ਦਿੱਤੀ, ਜਿਸ ਦੀ ਰੌਸ਼ਨੀ ਵਿਚ ਅੱਜ ਵੀ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਵਿਰੁੱਧ ਕੌਮ ਨੂੰ ਲਾਮਬੰਦ ਹੋਣਾ ਚਾਹੀਦਾ ਹੈ। ਸਮਾਗਮ ਦੌਰਾਨ ਅਕਾਲੀ ਮੋਰਚਿਆਂ ਦੇ ਇਤਿਹਾਸ ਨੂੰ ਰੂਪਮਾਨ ਕਰਦੀ ਚਿੱਤਰ ਪ੍ਰਦਰਸ਼ਨੀ ਵੀ ਖਿੱਚ ਦਾ ਕੇਂਦਰ ਰਹੀ।

ਐਡਵੋਕੇਟ ਧਾਮੀ ਨੇ ‘ਵਨ ਨੇਸ਼ਨ ਵਨ ਐਜੂਕੇਸ਼ਨ’ ਦੀ ਕੀਤੀ ਨਿਖੇਧੀ

ਸ੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦੇ ‘ਵਨ ਨੇਸ਼ਨ ਵਨ ਐਜੂਕੇਸ਼ਨ’ ਵਾਲੇ ਬਿਆਨ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪੰਜਾਬ ਅੰਦਰ ਅਰਵਿੰਦਰ ਕੇਜਰੀਵਾਲ ਵੱਲੋਂ ਇਹ ਬਿਆਨ ਉਸ ਦੀ ਪੰਜਾਬ ਅਤੇ ਖਾਸਕਰ ਸਿੱਖੀ ਵਿਰੋਧੀ ਮਨਸ਼ਾ ਨੂੰ ਪ੍ਰਗਟਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਆਪਣਾ ਖਾਸਾ ਹੈ ਅਤੇ ਪੰਜਾਬ ਦੀ ਧਰਤੀ ’ਤੇ ਗੁਰੂ ਸਾਹਿਬਾਨ ਵੱਲੋਂ ਸਿਰਜੇ ਗਏ ਇਤਿਹਾਸ ਅਤੇ ਸੱਭਿਆਚਾਰ ਨੂੰ ਰਲਗਡ ਕਰਨ ਵਾਲੀ ਕੋਈ ਵੀ ਚਾਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।