ਦਰਸ਼ਨ ਸਿੰਘ ਚੌਹਾਨ, ਸੁਨਾਮ :

ਸਰਕਾਰੀ ਆਈਟੀਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ ਵਿਚ 29 ਸਤੰਬਰ ਤੋਂ ਗੇਟ ਰੈਲੀਆਂ ਕਰ ਕੇ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਥੇਬੰਦੀ ਦੇ ਆਗੂਆਂ ਸੇਵਾ ਸਿੰਘ, ਸੁਖਰਾਜ ਸਿੰਘ, ਜਸਵਿੰਦਰ ਸਿੰਘ, ਰਾਜਿੰਦਰ ਸਿੰਘ, ਰਮੇਸ਼ ਕੁਮਾਰੀ, ਕੁਲਵੰਤ ਸਿੰਘ, ਕੁਲਜੀਤ ਕੌਰ, ਸਰਬਜੀਤ ਕੌਰ, ਕਰਮਜੀਤ ਸਿੰਘ ਅਤੇ ਅਮਰਜੀਤ ਕੌਰ ਨੇ ਕਿਹਾ ਕਿ ਠੇਕਾ ਮੁਲਾਜ਼ਮ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਤਕਨੀਕੀ ਸਿੱਖਿਆ ਵਿਭਾਗ ਰਾਹੀਂ ਪਿਛਲੇ 14 ਸਾਲਾਂ ਤੋਂ ਠੇਕੇ ‘ਤੇ 15 ਹਜ਼ਾਰ ਰੁਪਏ ਉੱਪਰ ਹੋਰਨਾਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋ ਸੇਵਾ ਨਿਭਾਅ ਰਹੇ ਹਨ। ਅਜਿਹੇ ਮਹਿੰਗਾਈ ਦੇ ਜ਼ਮਾਨੇ ‘ਚ ਨਿਗੂਣੀਆਂ ਤਨਖਾਹਾਂ ਤੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੈ। ਉਨਾਂ੍ਹ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਠੇਕਾ ਮੁਲਾਜ਼ਮਾਂ ਦਾ ਅਹਿਮ ਯੋਗਦਾਨ ਰਿਹਾ ਹੈ ਲੇਕਿਨ ਸੂਬੇ ਦੀ ਭਗਵੰਤ ਮਾਨ ਸਰਕਾਰ ਵੀ ਠੇਕਾ ਮੁਲਾਜ਼ਮਾਂ ਨਾਲ ਅਣਦੇਖੀ ਕਰ ਰਹੀ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਸਬੰਧੀ ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਕਈ ਵਾਰ ਮਿਲ ਚੁੱਕੇ ਹਨ ਪਰ ਉਨਾਂ੍ਹ ਵੱਲੋਂ ਵੀ ਹਰ ਵਾਰ ਟਾਲ-ਮਟੋਲ ਦੀ ਨੀਤੀ ਹੀ ਅਪਣਾਈ ਗਈ ਹੈ । ਉਨਾਂ੍ਹ ਚੇਤਾਵਨੀ ਭਰੇ ਲਹਿਜੇ ‘ਚ ਕਿਹਾ ਕਿ ਜਥੇਬੰਦੀ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜੇਕਰ ਪੰਜਾਬ ਸਰਕਾਰ ਉਹਨਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਜਥੇਬੰਦੀ 29 ਸਤੰਬਰ ਤੋਂ ਤਕਨੀਕੀ ਸਿੱਖਿਆ ਸਿਖਲਾਈ ਸੰਸਥਾਵਾਂ ਅੱਗੇ ਗੇਟ ਰੈਲੀਆਂ ਤੋਂ ਸ਼ੁਰੂ ਕਰਕੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਕੇ ਮੁੱਖ ਮੰਤਰੀ ਪੰਜਾਬ ਦੇ ਹਲਕੇ ‘ਚ ਪੱਕਾ ਧਰਨਾ ਦੇਵੇਗੀ।