ਸੀਨੀਅਰ ਸਟਾਫ ਰਿਪੋਰਟਰ, ਬਠਿੰਡਾ : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ਼ੌਕਤ ਅਹਿਮਦ ਪਰੇ ਵੱਲੋਂ ਸਥਾਨਕ ਰੈੱਡ ਕਰਾਸ ਭਵਨ ਵਿਖੇ ਲੋੜਵੰਦ ਦਿਵਿਆਂਗ ਵਿਅਕਤੀਆਂ ਨੂੰ ਟਰਾਈ ਸਾਈਕਲ ਅਤੇ ਵੀਲ੍ਹਚੇਅਰ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਐਸਬੀਆਈ ਦੇ ਡੀਜੀਐਮ ਐੱਸਕੇ ਗੁਪਤਾ ਅਤੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਕਰਨ ਲਈ ਤਿਆਰ-ਬਰ-ਤਿਆਰ ਰਹਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਦੀ ਹਮੇਸ਼ਾਂ ਮਨਸਾ ਰਹਿੰਦੀ ਹੈ ਕਿ ਜ਼ਿਲ੍ਹੇ ਅੰਦਰ ਕੋਈ ਵੀ ਲੋੜਵੰਦ ਵਿਅਕਤੀ ਵੀਲ੍ਹ ਚੇਅਰ, ਟਰਾਈ ਸਾਈਕਲ, ਕੰਨਾਂ ਦੀ ਮਸ਼ੀਨ ਅਤੇ ਹੋਰ ਲੋੜੀਂਦੇ ਸਮਾਨ ਤੋਂ ਵਾਂਝਾ ਨਾ ਰਹੇ। ਡਿਪਟੀ ਕਮਿਸ਼ਨਰ ਨੇ ਅੱਗੇ ਇਹ ਵੀ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਜਲਦ ਹੀ ਵਨ ਸਟਾਪ ਸੈਂਟਰ ਖੋਲਿਆ ਜਾ ਰਿਹਾ ਹੈ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਹਰ ਸਮੱਸਿਆ ਦਾ ਮੌਕੇ ਤੇ ਢੁਕਵਾਂ ਹੱਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਰਾਤ ਦੀਆਂ ਐਮਰਜੈਂਸੀ ਸੇਵਾਵਾਂ ਸਮੇਂ ਮੈਡੀਕਲ ਸਟੋਰ ਨੂੰ 24 ਘੰਟੇ ਖੁੱਲ੍ਹਾ ਰੱਖਣ ਲਈ ਵੀ ਵਿਚਾਰ ਅਧੀਨ ਹੈ।