Modi Cabinet : ਏਜੰਸੀ, ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ‘ਚ ਗਰੀਬ ਕਲਿਆਣ ਅੰਨ ਯੋਜਨਾ ਬਾਰੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਇਸ ਯੋਜਨਾ ਨੂੰ ਪੰਜ ਸਾਲ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 1 ਜਨਵਰੀ, 2024 ਤੋਂ ਪੰਜ ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਇਸ ਨਾਲ 81 ਕਰੋੜ ਲੋਕਾਂ ਨੂੰ ਫਾਇਦਾ ਹੋਵੇਗਾ।

ਅਨੁਰਾਗ ਠਾਕੁਰ ਨੇ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤਕ ਪਹੁੰਚ ਰਿਹਾ ਹੈ। ਇਹੀ ਕਾਰਨ ਹੈ ਕਿ ਤਾਜ਼ਾ ਅੰਕੜਿਆਂ ਮੁਤਾਬਕ 13.50 ਕਰੋੜ ਲੋਕ ਗਰੀਬ ਰੇਖਾ ਤੋਂ ਬਾਹਰ ਆ ਗਏ ਹਨ।

ਨਿਊਜ਼ ਏਜੰਸੀ ਏਐਨਆਈ ਮੁਤਾਬਕ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ, ‘ਪਿਛਲੇ ਪੰਜ ਸਾਲਾਂ ‘ਚ ਕਰੀਬ 13.50 ਕਰੋੜ ਭਾਰਤੀ ਗਰੀਬੀ ਦੇ ਪੱਧਰ ਤੋਂ ਉੱਪਰ ਉੱਠੇ ਹਨ। ਇਹ ਮੋਦੀ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਕੋਵਿਡ-19 ਮਹਾਂਮਾਰੀ ਦੌਰਾਨ ਸ਼ੁਰੂ ਕੀਤੀ ਗਈ ਸੀ। ਇਹ ਫੈਸਲਾ ਲਿਆ ਗਿਆ ਕਿ ਇਸ ਸਕੀਮ ਨੂੰ 1 ਜਨਵਰੀ, 2024 ਤੋਂ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ ਜਾਵੇਗਾ।