ਸਟਾਫ ਰਿਪੋਰਟਰ, ਖੰਨਾ : ਪਿੰਡ ਗੋਹ ‘ਚ ਧਾਰਮਿਕ ਸਥਾਨ ‘ਤੇ ਚੋਰੀ ਕਰਦੇ ਹੋਏ ਇਕ ਨੌਜਵਾਨ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ, ਜਿਸ ਤੋਂ ਬਾਅਦ ਲੋਕਾਂ ਨੇ ਇਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਪੁਲਿਸ ਨੇ ਪਾਲ ਸਿੰਘ ਵਾਸੀ ਗੋਹ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਮੁਲਜ਼ਮ ਲਖਵਿੰਦਰ ਸਿੰਘ ਵਾਸੀ ਗੋਹ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਸ਼ਿਕਾਇਤਕਰਤਾ ਅਨੁਸਾਰ ਲਖਵਿੰਦਰ ਸਿੰਘ ਨਸ਼ੇ ਦਾ ਆਦੀ ਹੈ ਤੇ ਨਸ਼ੇ ਦੀ ਪੂਰਤੀ ਲਈ ਪਿੰਡ ‘ਚ ਚੋਰੀ ਦੀਆਂ ਵਾਰਦਾਤਾਂ ਕਰਦਾ ਸੀ। ਉਸ ‘ਤੇ ਕਾਫੀ ਸਮੇਂ ਤੋਂ ਸ਼ੱਕ ਕੀਤਾ ਜਾ ਰਿਹਾ ਸੀ, ਜਿਸ ਕਰਕੇ ਪਿੰਡ ਵਾਸੀਆਂ ਨੇ ਇਸ ਕੜੀ ਤਹਿਤ ਚੌਕਸੀ ਰੱਖੀ ਹੋਈ ਸੀ। ਜਦੋਂ ਲਖਵਿੰਦਰ ਸਿੰਘ ਪਿੰਡ ਸ਼ੀਤਲਾ ਮਾਤਾ ਦੇ ਮੰਦਰ ਦੀ ਗੋਲਕ ‘ਚੋਂ 4 ਹਜ਼ਾਰ ਰੁਪਏ ਚੋਰੀ ਕਰ ਰਿਹਾ ਸੀ ਤਾਂ ਉਸ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ, ਜਿਸ ਤੋਂ ਬਾਅਦ ਪੁਲਿਸ ਨੂੰ ਬੁਲਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੀ ਜਾਂਚ ਕਰ ਰਹੇ ਆਈਓ ਜਗਤਾਰ ਸਿੰਘ ਨੇ ਦੱਸਿਆ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫਤਾਰ ਕਰ ਲਿਆ ਗਿਆ ਹੈ।

ਉਸ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਸ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿੰਨੇ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਕਰ ਰਿਹਾ ਸੀ।