ਸੁਖਦੇਵ ਗਰਗ, ਜਗਰਾਓਂ : ਝੋਨੇ ਦੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਪ੍ਰਸ਼ਾਸਨ ਨੇ ਸਖ਼ਤ ਰੁੱਖ ਅਖ਼ਤਿਆਰ ਕਰਦਿਆਂ ਕਾਨੂੰਨੀ ਕਾਰਵਾਈ ਕੀਤੀ।

ਖੇਤੀਬਾੜੀ ਅਫ਼ਸਰ ਡਾਕਟਰ ਗੁਰਦੀਪ ਸਿੰਘ ਨੇ ਦੱਸਿਆ ਦਿਨੋ ਦਿਨ ਗੰਧਲੇ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਪਰਾਲੀ ਸਾੜਨ ਵਾਲਿਆਂ ਖ਼ਿਲਾਫ਼ ਪ੍ਰਸ਼ਾਸਨ ਵੱਲੋਂ ਸਖ਼ਤ ਰੁੱਖ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਸੋਮਵਾਰ ਦੇਰ ਸ਼ਾਮ ਐੱਸਡੀਐੱਮ ਜਗਰਾਓਂ ਮਨਜੀਤ ਕੌਰ ਤੇ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਪਿੰਡ ਅਲੀਗੜ੍ਹ ਵਿਖੇ ਕਿਸਾਨ ਜਗਰੂਪ ਸਿੰਘ ਦੇ ਖੇਤ ‘ਚ ਪੁੱਜ ਕੇ ਪਰਾਲੀ ਸਾੜਨ ‘ਤੇ ਕੀਤੀ ਕਾਰਵਾਈ ਦੌਰਾਨ ਕਿਹਾ ਪਿਛਲੇ ਸਾਲ ਨਾਲੋਂ ਬੇਸ਼ੱਕ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ‘ਚ ਕਮੀ ਆਈ ਹੈ ਪਰ ਅਜੇ ਵੀ ਕਈ ਕਿਸਾਨ ਪਰਾਲੀ ਸਾੜ ਰਹੇ ਹਨ। ਉਨ੍ਹਾਂ ਕਿਹਾ ਪਰਾਲੀ ਸਾੜਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ ਮਾਲ ਰਿਕਾਰਡ ‘ਚ ਰੈੱਡ ਐਂਟਰੀ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਪਿੰਡ ਮੱਲ੍ਹਾ ਦੇ ਦੋ ਕਿਸਾਨਾਂ ਉਪਰ ਪੁਲਿਸ ਕਾਰਵਾਈ ਵੀ ਕੀਤੀ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਬਿਨਾਂ ਅੱਗ ਲਗਾਏ ਮਸ਼ੀਨਰੀ ਦੀ ਵਰਤੋਂ ਕਰਦਿਆਂ ਇਸ ਨੂੰ ਜ਼ਮੀਨ ‘ਚ ਮਿਲਾਉਣ ਦੀ ਅਪੀਲ ਕਰਦਿਆਂ ਕਿਹਾ ਇਸ ਤਰ੍ਹਾਂ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਉੱਥੇ ਸਾਡਾ ਵਾਤਾਵਰਨ ਵੀ ਦੂਸ਼ਿਤ ਹੋਣ ਤੋਂ ਬਚੇਗਾ। ਇਸ ਮੌਕੇ ਡਾਕਟਰ ਜਗਦੇਵ ਸਿੰਘ, ਇੰਜੀਨੀਅਰ ਅਮਨਜੀਤ ਸਿੰਘ ਘਈ, ਏਡੀਓ ਰਮਿੰਦਰ ਸਿੰਘ ਆਦਿ ਹਾਜ਼ਰ ਸਨ।