ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖ਼ਤ ਲਈ ਆਧਾਰ ਕਾਰਡ, ਡਰਾਈਵਿੰਗ ਲਾਇਸੈਂਸ ਆਦਿ ਦਸਤਾਵੇਜ਼ਾਂ ਨੂੰ ਸਬੂਤ ਵਜੋਂ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਪਾਸਪੋਰਟ ‘ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲਾਂਘਾ ਪਾਰ ਕਰ ਕੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਘੱਟ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਲੋਕਾਂ ਵਿਚ ਦਿਲਚਸਪੀ ਨਹੀਂ ਹੈ, ਸਗੋਂ ਪਾਸਪੋਰਟ ਅਤੇ 20 ਡਾਲਰ ਦੀ ਫੀਸ ਦੀਆਂ ਦੋ ਸ਼ਰਤਾਂ ਇਸ ਦਾ ਕਾਰਨ ਬਣੀਆਂ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਵਿਚ ਹਨ ਪਰ ਇਨ੍ਹਾਂ ਰੁਕਾਵਟਾਂ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪੈਂਦਾ ਹੈ। ਕੈਪਟਨ ਨੇ ਕਿਹਾ ਕਿ ਲਾਂਘਾ ਖੁੱਲ੍ਹਣ ਤੋਂ ਪਹਿਲਾਂ ਭਾਵੇਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਟਵੀਟ ਕੀਤਾ ਸੀ ਕਿ ਲਾਂਘੇ ਰਾਹੀਂ ਆਉਣ ਵਾਲੇ ਸ਼ਰਧਾਲੂਆਂ ਨੂੰ ਪਾਸਪੋਰਟ ਦੀ ਲੋੜ ਨਹੀਂ ਹੋਵੇਗੀ, ਪਰ ਇਹ ਫ਼ੈਸਲਾ ਰਸਮੀ ਤੌਰ ‘ਤੇ ਨਹੀਂ ਸੀ।

ਉਨ੍ਹਾਂ ਨੇ ਇਮਰਾਨ ਖ਼ਾਨ ਦੇ ਨਾਲ-ਨਾਲ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਲਾਂਘੇ ਰਾਹੀਂ ਜਾਣ ਵਾਲਿਆਂ ਲਈ ਪਾਸਪੋਰਟ ਦੀ ਸ਼ਰਤ ਸਬੰਧੀ ਕੀਤੇ ਐੱਮਓਯੂ ਵਿਚ ਸੋਧ ਕਰ ਕੇ ਇਸ ਸਮੱਸਿਆ ਨੂੰ ਸੁਲਝਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸ਼ਰਧਾਲੂ ਕਰਤਾਰਪੁਰ ਲਾਂਘਾ ਪਾਰ ਕਰ ਕੇ ਦਰਸ਼ਨਾਂ ਦੀ ਤਾਂਘ ਪੂਰੀ ਨਾ ਸਕੇ ਤਾਂ ਦੋਵਾਂ ਸਰਕਾਰਾਂ ਦੇ ਸਾਂਝੇ ਯਤਨਾਂ ਨਾਲ ਹਕੀਕਤ ਵਿਚ ਆਏ ਇਸ ਵਿਲੱਖਣ ਉਪਰਾਲੇ ਦਾ ਮੰਤਵ ਧੁੰਦਲਾ ਹੋ ਜਾਵੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਉਸ ਦੇ ਸਿਆਸੀ ਆਕਾ ਸ਼੍ਰੋਮਣੀ ਅਕਾਲੀ ਦਲ ਖ਼ਾਸ ਕਰਕੇ ਬਾਦਲ ਪਰਿਵਾਰ ਭਾਈਚਾਰੇ ਲਈ ਮਾਇਆ ਦੇ ਰੂਪ ਵਿਚ ਕੁਝ ਯੋਗਦਾਨ ਕਿਉਂ ਨਹੀਂ ਪਾ ਸਕਦੇ।’ ਉਨ੍ਹਾਂ ਕਿਹਾ ਕਿ ਸਿੱਖਾਂ ਦੇ ਰਾਖੇ ਹੋਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਕਮੇਟੀ ਜਿਨ੍ਹਾਂ ਦੇ ਕੰਟਰੋਲ ਹੇਠ ਹੈ, ਸ਼੍ਰੋਮਣੀ ਕਮੇਟੀ ਨੂੰ ਘੱਟੋ-ਘੱਟ ਇਹ ਤਾਂ ਕਹਿ ਸਕਦੇ ਹਨ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਗਰੀਬ ਸ਼ਰਧਾਲੂਆਂ ਦੀ ਇਮਦਾਦ ਕੀਤੀ ਜਾਵੇ ਕਿਉਂਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਨ੍ਹਾਂ ਸ਼ਰਧਾਲੂਆਂ ਦੇ ਸੁਪਨੇ ਕਦੇ ਵੀ ਹਕੀਕਤ ਨਹੀਂ ਬਣ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਭਾਈਚਾਰੇ ਦੀ ਧਾਰਮਿਕ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਨਾ ਸਿਰਫ਼ ਸਿੱਖਾਂ ਸਗੋਂ ਮਹਾਨ ਗੁਰੂ ਸਾਹਿਬ ਜੀ ਦੇ ਸਮੂਹ ਸ਼ਰਧਾਲੂਆਂ ਵੱਲੋਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਰੱਖੀ ਚਿਰੋਕਣੀ ਖਾਹਸ਼ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸਮਾਗਮ ਲਈ ਵੱਖਰੀ ਸਟੇਜ ਲਾਉਣ ‘ਤੇ ਵੱਡੀਆਂ ਰਕਮਾਂ ਖ਼ਰਚ ਕਰਨਾ ਇਹ ਸਿੱਧ ਕਰਦਾ ਹੈ ਕਿ ਇਹ ਸੰਸਥਾ ਸ਼ਰਧਾਲੂਆਂ ਦੀ ਫੀਸ ਦਾ ਬੋਝ ਵੀ ਸੌਖਿਆ ਹੀ ਸਹਾਰ ਸਕਦੀ ਹੈ।