ਪੱਤਰ ਪੇ੍ਰਰਕ, ਪਟਿਆਲਾ : ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਸੀਪੀਐੱਫ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਭਰ ‘ਚ ਉਲੀਕੇ ਗਏ ਪੋ੍ਗਰਾਮ ਤਹਿਤ ਕਈ ਜ਼ਿਲਿ੍ਹਆਂ ਵਿਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਪਟਿਆਲਾ ‘ਚ ਵੀ ਸੀਪੀਐੱਫ ਕਰਮਚਾਰੀ ਯੂਨੀਅਨ ਪਟਿਆਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਮੇਲ ਵਿਰਕ ਦੀ ਅਗਵਾਈ ‘ਚ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਨ ਮਗਰੋਂ ਡੀਸੀ ਦਫ਼ਤਰ ਸਾਹਮਣੇ ਮਾਨ ਸਰਕਾਰ ਦਾ ਪੁੱਤਲਾ ਸਾੜਿਆ ਗਿਆ। ਮਿੰਨੀ ਸਕੱਤਰੇਤ ਵਿਖੇ ਇਕੱਤਰ ਹੋਏ ਵੱਖ-ਵੱਖ ਵਿਭਾਗਾਂ ਦੇ ਸੈਂਕੜੇ ਮੁਲਾਜ਼ਮ ਵਲੋਂ ਪੰਜਾਬ ਸਰਕਾਰ ਖਿਲਾਫ ਜ਼ੰਮ ਕੇ ਨਾਅਰੇਬਾਜ਼ੀ ਤੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿਰਫ ਤੇ ਸਿਰਫ ਝੂਠੇ ਐਲਾਨਾਂ ਤੱਕ ਹੀ ਸੀਮਿਤ ਹੈ।

ਇਸ ਮੌਕੇ ਪ੍ਰਧਾਨ ਗੁਰਮੇਲ ਵਿਰਕ ਨੇ ਕਿਹਾ ਕਿ ਸਰਕਾਰ ਆਪ ਹੀ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਐਲਾਨ ਕਰ ਚੁੱਕੀ ਹੈ ਤੇ ਹੁਣ ਆਪਣੇ ਵਾਅਦੇ ਨੂੰ ਲਾਗੂ ਕਰਨ ਤੋਂ ਭੱਜ ਰਹੀ ਹੈ ਤੇ ਉਲਟਾ ਪੁਰਾਣੀ ਪੈਨਸ਼ਨ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਤੰਗ-ਪਰੇਸ਼ਾਨ ਕਰਨ ‘ਤੇ ਉਤਰ ਆਈ ਹੈ। ਸਰਕਾਰ ਵੱਲੋਂ ਸੀਪੀਐੱਫ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਅਤੇ ਹੋਰ ਮੁਲਾਜ਼ਮਾਂ ਦੀਆਂ ਬਦਲੀਆਂ ਕਰਨਾ ਸਰਕਾਰ ਦੀ ਬੁਖਲਾਹਟ ਦਾ ਨਤੀਜਾ ਹੈ, ਜਿਸ ਤੋਂ ਸਪਸ਼ਟ ਹੋ ਗਿਆ ਹੈ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਪਿੱਛੇ ਹੱਟ ਰਹੀ ਹੈ। ਗੁਰਮੇਲ ਸਿੰਘ ਵਿਰਕ ਨੇ ਕਿਹਾ ਕਿ ਉਹ ਬਦਲੀਆਂ ਜਾਂ ਸਰਕਾਰ ਦੀਆਂ ਕਾਰਵਾਈਆਂ ਤੋਂ ਡਰਨ ਵਾਲੇ ਨਹੀਂ, ਉਹ ਜਿਥੇ ਵੀ ਜਾਣਗੇ ਉਥੇ ਹੀ ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਸਰਕਾਰ ਖਿਲਾਫ ਸੰਘਰਸ਼ ਕਰਦੇ ਰਹਿਣਗੇ। ਇਸ ਮੌਕੇ ਗੁਰਰਜੰਟ ਸਿੰਘ, ਜਸਵਿੰਦਰ ਸਿੰਘ, ਭਗਵਾਨ ਸਿੰਘ ਤੋਂ ਇਲਾਵਾ ਜਲ ਸਪਲਾਈ ਵਿਭਾਗ, ਭਾਸ਼ਾ ਵਿਭਾਗ, ਸਿਹਤ ਵਿਭਾਗ, ਐਕਸਾਇਜ਼ ਵਿਭਾਗ, ਡੀ. ਸੀ. ਦਫਤਰ, ਖਜ਼ਾਨਾ ਦਫ਼ਤਰ, ਮਾਰਕੀਟ ਕਮੇਟੀ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਸ਼ਾਮਲ ਸਨ।