Skip to content
Friday, October 23, 2026 11°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਭਗੌੜੇ ਅਪਰਾਧੀਆਂ ਦੇ ਮਾਮਲਿਆਂ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਕਰੇਗੀ ਦੋ ਖਾਸ ਕੰਮ

By Admin Published 3 min read
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ਾਂ ਵਿੱਚ ਵਸੇ ਪਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਅੱਤਵਾਦ ਦੇ ਕਾਲੇ ਦਿਨਾਂ ਦੌਰਾਨ ਪੰਜਾਬ ਛੱਡ ਕੇ ਜਾਣ ਵਾਲੇ ਵਿਅਕਤੀਆਂ ਜਿਨ੍ਹਾਂ ਨੂੰ ਬਾਅਦ ਵਿੱਚ ਭਗੌੜੇ ਕਰਾਰ ਦਿੱਤਾ ਗਿਆ ਸੀ, ਦੇ ਮਾਮਲਿਆਂ ਦੇ ਜਲਦੀ ਹੱਲ ਲਈ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦਾ ਮੁੱਦਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਕੇਂਦਰ ਸਰਕਾਰ ਕੋਲ ਉਠਾਉਣਗੇ।

ਉਹ ਬੀਤੀ ਸ਼ਾਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਐਨ.ਆਰ.ਆਈਜ਼ ਦੇ ਇੱਕ ਸਮੂਹ ਵੱਲੋਂ ਕੀਤੀ ਬੇਨਤੀ ਦਾ ਜਵਾਬ ਦੇ ਰਹੇ ਸਨ। ਮੁੱਖ ਮੰਤਰੀ ਨੇ ਐਨ.ਆਰ.ਆਈਜ਼. ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫ਼ੇ ‘ਤੇ ਅਧਾਰਤ ਕਿਤਾਬਾਂ, ਯਾਦਗਾਰੀ ਸਿੱਕੇ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ।

ਪਰਵਾਸੀ ਭਾਰਤੀਆਂ ਨੇ ਚਿੰਤਾ ਜ਼ਾਹਰ ਕੀਤੀ ਵਿਦੇਸ਼ ਵਾਸ ਕਰ ਚੁੱਕੇ, ਜ਼ਿਆਦਾਤਰ ਵਿਅਕਤੀ ਪੰਜਾਬ ਨਹੀਂ ਆ ਸਕਦੇ ਹਨ ਅਤੇ ਅਤੇ ਨਾ ਹੀ ਦਰਬਾਰ ਸਾਹਿਬ ਅਤੇ ਹੋਰ ਪਵਿੱਤਰ ਅਸਥਾਨਾਂ ਵਿਖੇ ਜਾ ਕੇ ਨਤਮਸਤਕ ਹੋ ਸਕਦੇ ਹਨ ਕਿਉਂਕਿ ਉਨਾਂ ਨੂੰ ਕੁਝ ਮਾਮਲਿਆਂ ਵਿਚ ਅਦਾਲਤ ਸਾਹਮਣੇ ਪੇਸ਼ ਹੋਣ ਤੋਂ ਅਸਮਰੱਥ ਰਹਿਣ ਕਰਕੇ ਭਗੌੜੇ ਐਲਾਨਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਮਾਮਲਿਆਂ ਦੇ ਜਲਦ ਨਿਪਟਾਰੇ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਨਾਲ ਵਿਸ਼ੇਸ਼ ਅਦਾਲਤ ਸਥਾਪਿਤ ਕਰਨ ਦੀ ਸੰਭਾਵਨਾ ਸਬੰਧੀ ਵਿਚਾਰਚਰਚਾ ਕਰਨਗੇ। ਉਨਾਂ ਅੱਗੇ ਕਿਹਾ ਕਿ ਉਹ ਭਾਰਤ ਸਰਕਾਰ ਨਾਲ ਵਿਦੇਸ਼ਾਂ ਵਿੱਚ ਕੁਝ ਭਾਰਤੀ ਮਿਸ਼ਨਾਂ ਜਿਵੇਂ ਕਿ ਯੂਕੇ, ਅਮਰੀਕਾ, ਕਨੇਡਾ, ਜਰਮਨੀ ਅਤੇ ਫਰਾਂਸ, ਜਿੱਥੇ ਵੱਡੀ ਗਿਣਤੀ ਵਿੱਚ ਪੰਜਾਬੀ ਵਸਦੇ ਹਨ, ਵਿੱਚ ਅਜਿਹੀਆਂ ਵਿਸ਼ੇਸ਼ ਅਦਾਲਤਾਂ ਸਥਾਪਤ ਕਰਨ ਦੀ ਸੰਭਾਵਨਾ ਨੂੰ ਵਿਚਾਰਨਗੇ।

ਮੁੱਖ ਮੰਤਰੀ ਨੇ ਪਰਵਾਸੀ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜੀਆਂ ਦੀ ਸੁਰੱਖਿਆ ਅਤੇ ਪ੍ਰਗਤੀ ਦੇ ਉਦੇਸ਼ ਨਾਲ ਸੂਬੇ ਨੂੰ ਵਿਕਾਸ ਦੇ ਇੱਕ ਨਵੇਂ ਯੁੱਗ ਵਿੱਚ ਲਿਜਾਣ ਲਈ ਉਨਾਂ ਦੀ ਸਰਕਾਰ ਦੇ ਯਤਨਾਂ ਵਿੱਚ ਸਾਥ ਦੇਣ। ਮੁੱਖ ਮੰਤਰੀ ਨੇ ਵਿਸ਼ਵ ਦੇ ਵੱਖ ਵੱਖ ਖੇਤਰਾਂ ਵਿੱਚ ਆਪਣੀ ਸਖ਼ਤ ਮਿਹਨਤ ਨਾਲ ਸੂਬੇ ਅਤੇ ਦੇਸ਼ ਲਈ ਮਾਣ ਖੱਟਣ ਲਈ ਪਰਵਾਸੀ ਪੰਜਾਬੀਆਂ ਦੀ ਸ਼ਲਾਘਾ ਕੀਤੀ।

ਆਪਣੀ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਆਪਣੀਆਂ ਜੜਾਂ ਨਾਲ ਜੁੜੋ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਉਕਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਪਣੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਪਰਵਾਸੀ ਭਾਰਤੀਆਂ (ਐਨ.ਆਰ.ਆਈਜ਼) ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਉਨਾਂ ਨੂੰ ਅਪੀਲ ਕੀਤੀ ਕਿ ਉਹ ਹੋਰ ਨੌਜਵਾਨਾਂ ਨੂੰ ਵੀ ਪੰਜਾਬ ਆ ਕੇ ਆਪਣੀ ਜੱਦੀ ਵਿਰਾਸਤ ਨਾਲ ਜੁੜਨ ਲਈ ਉਤਸ਼ਾਹਿਤ ਕਰਨ।

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ‘ਤੇ ਕਰਤਾਰਪੁਰ ਲਾਂਘਾ ਖੁੱਲਣ ‘ਤੇ ਸਮੁੱਚੀ ਸਿੱਖ ਕੌਮ, ਵਿਸ਼ੇਸ਼ ਕਰਕੇ ਪਰਵਾਸੀ ਭਾਰਤੀਆਂ ਨੂੰ ਵਧਾਈ ਦਿੱਤੀ, ਜਿਸ ਨਾਲ ਸ਼ਰਧਾਲੂਆਂ ਨੂੰ ਇਤਿਹਾਸਕ ਗੁਰਦੁਆਰੇ ਦੇ ‘ਖੁੱਲੇ ਦਰਸ਼ਨ ਦੀਦਾਰ’ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਇਸ ਮੌਕੇ ਬੋਲਦਿਆਂ ਯੂਕੇ ਦੀ ਗੁਰਦੁਆਰਾ ਪ੍ਰਬੰਧਨ ਕਮੇਟੀ ਦੀ ਕੌਂਸਲ ਦੇ ਪ੍ਰਧਾਨ ਅਵਤਾਰ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀਆਂ ਨਿੱਜੀ ਕੋਸ਼ਿਸ਼ਾਂ ਰਾਹੀਂ ਕੇਂਦਰ ਤੋਂ ਕਾਲੀ ਸੂਚੀ ਨੂੰ ਖਾਰਜ਼ ਕਰਵਾਉਣ ਸਬੰਧੀ ਉਨਾਂ (ਅਵਤਾਰ ਸਿੰਘ) ਦੀ ਲੰਬੇ ਸਮੇਂ ਤੋਂ ਲਟਕ ਰਹੀ ਬੇਨਤੀ ਨੂੰ ਮੰਨਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਸਾਊਥ ਹਾਲ ਤੋਂ ਪ੍ਰਵਾਸੀ ਭਾਰਤੀ ਜਸਵੰਤ ਸਿੰਘ ਠੇਕੇਦਾਰ ਨੇ ਐਨ.ਆਰ.ਆਈ ਮੁੱਦਿਆਂ ਦੇ ਜਲਦੀ ਹੱਲ ਲਈ ਕੈਪਟਨ ਅਮਰਿੰਦਰ ਦੀ ਗਤੀਸ਼ੀਲ ਅਗਵਾਈ ‘ਤੇ ਭਰੋਸਾ ਜਤਾਇਆ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp