ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਮਹਾਨ ਕਥਾ ਕੀਰਤਨ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਅੱਜ ਮਿਤੀ 12 ਦਸੰਬਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਦੀਵਾਨ ਹਾਲ ਵਿਖੇ ਕਰਵਾਇਆ ਜਾ ਰਿਹਾ ਹੈ।

ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਬਖ਼ਸ ਸਿੰਘ ਨੇ ਦੱਸਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ‘ਚ ਪੰਥ ਪ੍ਰਸਿੱਧ ਵਿਦਵਾਨ ਤੇ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਕਥਾ ਦਾ ਪ੍ਰਵਾਹ ਚਲਾਉਣਗੇ। ਉਨ੍ਹਾਂ ਦੇ ਨਾਲ ਪੰਥ ਦੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਵੱਲੋਂ ਵੀ ਰਸਭਿੰਨਾ ਕੀਰਤਨ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਰਨੈਲ ਸਿੰਘ ਦੇ ਜਥੇ ਵਲੋਂ ਵੀ ਕੀਰਤਨ ਕੀਤਾ ਜਾਵੇਗਾ ਜਦਕਿ ਕੀਰਤਨ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਇਸ ਮੌਕੇ ਸ਼ਹਿਰ ਦੀ ਸੰਗਤ ਵੱਲੋਂ ਗਰਮ ਮਿੱਠੇ ਦੁੱਧ ਦਾ ਲੰਗਰ ਵੀ ਲਗਾਇਆ ਜਾਵੇਗਾ ਤੇ ਸੰਗਤ ਲਈ ਗੁਰਦੁਆਰਾ ਸਾਹਿਬ ਵਿਖੇ ਵੀ ਲੰਗਰ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।