ਨਵੀਂ ਦਿੱਲੀ: ਅਸ਼ੋਕ ਤੰਵਰ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਇਕ ਦਿਨ ਪਹਿਲਾਂ AAP ਤੋਂ ਅਸਤੀਫ਼ਾ ਦਿੱਤਾ ਸੀ, CM ਮਨੋਹਰ ਲਾਲ ਖੱਟੜ ਨੇ ਦਿੱਲੀ ਵਿਖੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਲ ਕਰਵਾਇਆ ਹੈ।

ਜ਼ਿਕਰਯੋਗ ਹੈ ਕਿ ਹਰਿਆਣਾ ’ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਤੰਵਰ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਪਾਰਟੀ ਦੇ ਕਾਂਗਰਸ ਨਾਲ ਗੱਠਜੋੜ ਦਾ ਵਿਰੋਧ ਕੀਤਾ ਸੀ। ਪਾਰਟੀ ਪ੍ਰਧਾਨ ਨੂੰ ਭੇਜੇ ਅਸਤੀਫ਼ੇ ’ਚ ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਤੇ ਤੁਹਾਡੀ ਕਾਂਗਰਸ ਨਾਲ ਨੇੜਤਾ ਨੂੰ ਦੇਖਦਿਆਂ ਮੈਂ ਪਾਰਟੀ ’ਚ ਨੈਤਿਕ ਤੌਰ ’ਤੇ ਨਹੀਂ ਰਹਿ ਸਕਦਾ।

ਤੰਵਰ, ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਟਕਰਾਅ ਕਾਰਨ ਤੰਵਰ ਨੂੰ ਕਾਂਗਰਸ ਛੱਡਣੀ ਪਈ ਸੀ। ਕਾਂਗਰਸ ਛੱਡਣ ਤੋਂ ਬਾਅਦ ਉਹ ਮਮਤਾ ਬੈਨਰਜੀ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਵਿਚ ਰਹੇ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਭਾਰਤ ਮੋਰਚਾ ਬਣਾਇਆ ਤੇ ਫਿਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਵਿਚ ਰਹਿੰਦੇ ਹੋਏ ਤੰਵਰ ਨੇ ਹਰਿਆਣਾ ਵਿਚ ਸੰਗਠਨ ਤਿਆਰ ਕੀਤਾ ਪਰ ਉਹ ਪਿਛਲੇ ਕਾਫ਼ੀ ਸਮੇਂ ਤੋਂ ‘ਆਪ’ ਵਿਚ ਪਰੇਸ਼ਾਨ ਮਹਿਸੂਸ ਕਰ ਰਹੇ ਸਨ।