ਮੋਦੀ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵਿਚਾਲੇ ਫ਼ੋਨ ’ਤੇ ਗੱਲਬਾਤ
ਦਿੱਲੀ:-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਫ਼ੋਨ ’ਤੇ ਗੱਲਬਾਤ ਕੀਤੀ। ਮੋਦੀ ਨੇ ਗੱਲਬਾਤ ਨੂੰ ਨਿੱਘੀ ਅਤੇ ਸਾਰਥਕ ਦੱਸਦਿਆਂ ਕਿਹਾ ਕਿ ਦੋਵੇਂ ਆਗੂ ਭਾਰਤ-ਕੈਨੇਡਾ ਸਬੰਧਾਂ ਵਿੱਚ ਆਏ ਹਾਂ-ਪੱਖੀ ਬਦਲਾਅ ਨੂੰ ਅੱਗੇ ਵਧਾਉਣ ਲਈ ਸਹਿਮਤ ਹੋਏ ਹਨ। ਉਨ੍ਹਾਂ ਕਿਹਾ ਕਿ ਦੋਵੇਂ ਮੁਲਕ ਆਪਣੀ ਰਣਨੀਤਕ ਭਾਈਵਾਲੀ ਦੇ ਅਹਿਮ ਖੇਤਰਾਂ ਵਿੱਚ ਠੋਸ ਨਤੀਜੇ ਹਾਸਲ ਕਰਨ ਲਈ ਮਿਲ ਕੇ ਕੰਮ ਕਰਨਗੇ। ਮੋਦੀ ਨੇ ਕਿਹਾ ਕਿ ਭਾਰਤ ਅਤੇ ਕੈਨੇਡਾ ਮਿਲ ਕੇ ਵਧੇਰੇ ਸਥਿਰ ਅਤੇ ਖੁਸ਼ਹਾਲ ਦੁਨੀਆ ਬਣਾਉਣ ਵਿੱਚ ਯੋਗਦਾਨ ਪਾ ਰਹੇ ਹਨ।
ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਵੱਡੀ ਖੜ੍ਹੋਤ ਜੂਨ 2023 ਵਿੱਚ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਖਾਲਿਸਤਾਨ ਪੱਖੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਮਗਰੋਂ ਆਈ ਸੀ। ਨਿੱਝਰ ਦੀ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਸਮੇਂ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਤੰਬਰ 2023 ਵਿੱਚ ਕੈਨੇਡਾ ਦੀ ਸੰਸਦ ਵਿੱਚ ਦੋਸ਼ ਲਾਇਆ ਸੀ ਕਿ ਇਸ ਹੱਤਿਆ ਵਿੱਚ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਬਾਰੇ ਭਰੋਸੇਯੋਗ ਜਾਣਕਾਰੀ ਹੈ। ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੰਦਿਆਂ ਸਖ਼ਤੀ ਨਾਲ ਰੱਦ ਕੀਤਾ ਸੀ। ਇਸ ਤੋਂ ਬਾਅਦ ਦੋਵਾਂ ਮੁਲਕਾਂ ਨੇ ਇੱਕ-ਦੂਜੇ ਦੇ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦੇ ਹੁਕਮ ਦਿੱਤੇ ਅਤੇ ਵੀਜ਼ਾ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ। ਅਕਤੂਬਰ 2024 ਵਿੱਚ ਤਣਾਅ ਹੋਰ ਵਧ ਗਿਆ ਸੀ, ਜਦੋਂ ਕੈਨੇਡਾ ਨੇ ਭਾਰਤੀ ਹਾਈ ਕਮਿਸ਼ਨਰ ਸਮੇਤ ਛੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਅਤੇ ਭਾਰਤ ਨੇ ਜਵਾਬੀ ਕਾਰਵਾਈ ਕੀਤੀ।



