ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਮਾਛੀਵਾੜਾ ਇਲਾਕੇ ਦੇ ਆਗੂ ਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਗਜੀਤ ਸਿੰਘ ਪਿ੍ਰਥੀਪੁਰ ਨੂੰ ਹਲਕਾ ਸਮਰਾਲਾ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਚੇਅਰਮੈਨ ਜਗਜੀਤ ਸਿੰਘ ਪਿ੍ਰਥੀਪੁਰ ਜੋ ਕਿ ਕਈ ਸਾਲ ਪਿੰਡ ਦੇ ਸਰਪੰਚ ਰਹੇ, ਮਾਰਕੀਟ ਕਮੇਟੀ ਦੇ ਚੇਅਰਮੈਨ ਤੋਂ ਇਲਾਵਾ ਹੋਰ ਵੀ ਕਈ ਅਹੁਦਿਆਂ ‘ਤੇ ਬਿਰਾਜਮਾਨ ਰਹੇ, ਇਸ ਲਈ ਪਾਰਟੀ ਪ੍ਰਤੀ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਦੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਨਿਯੁਕਤੀ ਉਪਰੰਤ ਸਾਬਕਾ ਚੇਅਰਮੈਨ ਪਿ੍ਰਥੀਪੁਰ ਨੇ ਕਿਹਾ ਕਿ ਉਹ ਕਾਂਗਰਸ ਹਾਈਕਮਾਂਡ ਵਲੋਂ ਸੌਂਪੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ ਤੇ ਹਲਕਾ ਸਮਰਾਲਾ ‘ਚ ਇੰਚਾਰਜ਼ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨਗੇ। ਉਨਾਂ੍ਹ ਕਿਹਾ ਕਿ ਲੋਕ ਸਭਾ ਚੋਣਾਂ ‘ਚ ਕਾਂਗਰਸ ਹਾਈਕਮਾਂਡ ਜਿਸ ਵੀ ਉਮੀਦਵਾਰ ਨੂੰ ਚੋਣ ਮੈਦਾਨ ‘ਚ ਉਤਾਰੇਗੀ ਉਸ ਦੀ ਜਿੱਤ ਯਕੀਨੀ ਬਣਾਉਣ ਲਈ ਉਹ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਕਿਉਂਕਿ ਲੋਕ ਹੁਣ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਹੱਥ ਦੇਸ਼ ਦੀ ਵਾਗਡੋਰ ਸੰਭਾਲਣਾ ਚਾਹੁੰਦੇ ਹਨ। ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ, ਜ਼ਿਲ੍ਹਾ ਕਾਂਗਰਸ ਦੇ ਉਪ ਪ੍ਰਧਾਨ ਕਸਤੂਰੀ ਲਾਲ ਮਿੰਟੂ ਵੱਲੋਂ ਜਗਜੀਤ ਸਿੰਘ ਪਿ੍ਰਥੀਪੁਰ ਦਾ ਮੂੰਹ ਮਿੱਠਾ ਕਰਵਾਇਆ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸ਼ਕਤੀ ਆਨੰਦ, ਬਲਾਕ ਪ੍ਰਧਾਨ ਪਰਮਿੰਦਰ ਤਿਵਾੜੀ, ਬਲਾਕ ਸੰਮਤੀ ਮੈਂਬਰ ਹੁਸਨ ਲਾਲ ਮੜਕਨ, ਜ਼ਿਲਾ ਪ੍ਰਰੀਸ਼ਦ ਮੈਂਬਰ ਜਤਿੰਦਰ ਸਿੰਘ ਜੋਗਾ ਬਲਾਲਾ, ਸੁਖਜਿੰਦਰ ਸਿੰਘ ਮਾਨ, ਵਿਨੀਤ ਕੁਮਾਰ ਝੜੌਦੀ, ਅਮਨਦੀਪ ਗੁਰੋਂ ਆਦਿ ਨੇ ਵੀ ਇਸ ਨਿਯੁਕਤੀ ਦਾ ਸਵਾਗਤ ਕੀਤਾ।