ਕੁਲਵਿੰਦਰ ਸਿੰਘ ਰਾਏ, ਖੰਨਾ : ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਬਰਾਂ ਦੀ ਮੀਟਿੰਗ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠਾਂ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਹੋਈ। ਕੈਪਟਨ ਮਾਜਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਨਾਲ ਜੋ ਬੇਇਨਸਾਫੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ, ਸ਼ਾਇਦ ਹੀ ਅੱਜ ਤਕ ਕਿਸੇ ਸਰਕਾਰ ਨੇ ਕੀਤੀ ਹੋਵੇ।

ਸਰਕਾਰ ਵੱਲੋਂ ਲਗਾਤਾਰ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਭੁਲਾ ਕੇ ਸਾਬਕਾ ਸੈਨਿਕਾਂ ਨੂੰ ਅਣਦੇਖਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਸਾਬਕਾ ਸੈਨਿਕ 20 ਫਰਵਰੀ ਤੋਂ ਲਗਾਤਾਰ ਜੰਤਰ ਮੰਤਰ ਵਿਖੇ ਧਰਨੇ ‘ਤੇ ਬੈਠੇ ਹਨ, ਜਿਸ ਦਾ ਭਾਜਪਾ ਸਰਕਾਰ ‘ਤੇ ਕੋਈ ਅਸਰ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਸਰਕਾਰ ਨੂੰ ਇਸ ਦਾ ਨਤੀਜਾ ਆਉਣ ਵਾਲੀਆਂ 2024 ਦੀਆਂ ਚੋਣਾਂ ‘ਚ ਜ਼ਰੂਰ ਭੁਗਤਣਾ ਪਵੇਗਾ। ਮੇਜਰ ਕਰਨੈਲ ਸਿੰਘ ਨੇ ਕਿਹਾ ਸਾਬਕਾ ਸੈਨਿਕਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਹੈ ਪਰ ਅੱਜ ਆਪਣੀਆਂ ਹੱਕੀ ਮੰਗਾਂ ਸਬੰਧੀ ਉਨ੍ਹਾਂ ਨੂੰ ਧਰਨੇ ਲਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਸੈਨਿਕਾਂ ਦਾ ‘ਇਕ ਰੈਂਕ-ਇਕ ਪੈਨਸ਼ਨ’ ਦਾ ਮਤਾ ਵੀ ਅਜੇ ਤਕ ਲਟਕਾਇਆ ਜਾ ਰਿਹਾ ਹੈ। ਇਸ ਮੌਕੇ ਕਰਨੈਲ ਸਿੰਘ, ਗੁਰਬਖ਼ਸ਼ ਸਿੰਘ, ਜਗਰੂਪ ਸਿੰਘ, ਬੰਤ ਸਿੰਘ, ਹਰੀ ਸਿੰਘ, ਗੁਰਚਰਨ ਸਿੰਘ, ਰੱਬੀਂ ਸਿੰਘ, ਬਲਵਿੰਦਰ ਸਿੰਘ, ਸ਼ਸੀ ਬਾਲਾ ਆਦਿ ਹਾਜ਼ਰ ਸਨ।