ਅਸ਼ਵਿੰਦਰ ਸਿੰਘ, ਬਨੂੜ : ਬਨੂੜ ਤੋਂ ਤੇਪਲਾ ਨੂੰ ਜਾਂਦੇ ਕੌਮੀ ਮਾਰਗ ‘ਤੇ ਪੈਂਦੇ ਪਿੰਡ ਬਾਸਮਾਂ ਨੇੜੇ ਟਰੱਕ ਅਤੇ ਮੋਟਰਸਾਈਕਲ ਦਰਮਿਆਨ ਹੋਏ ਹਾਦਸੇ ‘ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਲਾਭ ਸਿੰਘ (50) ਪੁੱਤਰ ਬਲਬੀਰ ਸਿੰਘ ਵਾਸੀ ਅੰਬਾਲਾ (ਹਰਿਆਣਾ) ਮੋਟਰਸਾਈਕਲ ‘ਤੇ ਸਵਾਰ ਹੋ ਕੇ ਅੰਬਾਲਾ ਵੱਲ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਬਾਸਮਾਂ ਦੇ ਨਜ਼ਦੀਕ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਬਨੂੜ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ। ਇਸ ਮਾਮਲੇ ਬਾਰੇ ਸਪੰਰਕ ਕਰਨ ‘ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵਨੀਤ ਕੌਰ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਦੀ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।