2027 ਦੀਆਂ ਚੋਣਾਂ ਲਈ ‘ਵਾਰਿਸ ਪੰਜਾਬ ਦੇ’ ਨੇ ਕਸੀ ਕਮਰ, ਪਾਰਟੀ ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਣ ਦਾ ਐਲਾਨ
ਪੰਜਾਬ ਡੈਸਕ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਜਥੇਬੰਦੀ ਦੇ ਵਿਸਥਾਰ ਅਤੇ ਵੱਖਰੀ ਚੋਣ ਪਛਾਣ ਬਣਾਉਣ ਲਈ ਪਾਰਟੀ ਨੇ ਹੁਣ ਰਜਿਸਟ੍ਰੇਸ਼ਨ ਦਾ ਮਾਮਲਾ ਸੁਪਰੀਮ ਕੋਰਟ ਤੱਕ ਲਿਜਾਣ ਦਾ ਫ਼ੈਸਲਾ ਕੀਤਾ ਹੈ, ਨਾਲ ਹੀ ਚੋਣ ਕਮਿਸ਼ਨ ਅੱਗੇ ਵੀ ਆਪਣਾ ਪੱਖ ਰੱਖਿਆ ਜਾਵੇਗਾ।
ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਮਨਪ੍ਰੀਤ ਸਿੰਘ ਅਯਾਲੀ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਉਨ੍ਹਾਂ ਦੀ ਪਾਰਟੀ ਤੋਂ ਡਰੀਆਂ ਹੋਈਆਂ ਹਨ, ਜਿਸ ਕਾਰਨ ਰਜਿਸਟ੍ਰੇਸ਼ਨ ਵਿੱਚ ਜਾਣਬੁੱਝ ਕੇ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਕਿਸੇ ਹੋਰ ਦਲ (ਜਿਵੇਂ ਬਸਪਾ) ਦੇ ਚੋਣ ਨਿਸ਼ਾਨ 'ਤੇ ਚੋਣ ਨਹੀਂ ਲੜੇਗੀ, ਸਗੋਂ ਆਪਣੇ ਸਾਰੇ ਉਮੀਦਵਾਰਾਂ ਨੂੰ ਇੱਕੋ ਚੋਣ ਨਿਸ਼ਾਨ 'ਤੇ ਮੈਦਾਨ ਵਿੱਚ ਉਤਾਰੇਗੀ। ਉਨ੍ਹਾਂ ਕਿਹਾ ਕਿ ਆਜ਼ਾਦ ਚੋਣ ਲੜਨਾ ਪਾਰਟੀ ਕੋਲ ਆਖ਼ਰੀ ਬਦਲ ਰਹੇਗਾ।
ਇਸ ਮੌਕੇ ਪਾਰਟੀ ਨੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਮੈਂਬਰਸ਼ਿਪ ਨਾਲ ਜੋੜਨ ਲਈ ਇੱਕ ਮੋਬਾਈਲ ਐਪ ਅਤੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ। ਇਸ ਪ੍ਰੈੱਸ ਕਾਨਫ਼ਰੰਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।



