Ad-Time-For-Vacation.png

6 ਜੂਨ ਦਾ ਦਿਹਾੜਾ ਸੰਸਾਰ ਦੇ ਇਤਿਹਾਸ ਅੰਦਰ ਕਾਲਾ ਦਿਨ-ਗਿ. ਹਰਪ੍ਰੀਤ ਸਿੰਘ

ਜੂਨ ’84 ਦੇ ਸ਼ਹੀਦਾਂ ਦੀ ਯਾਦ ‘ਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਰਵਾਇਆ ਸ਼ਹੀਦੀ ਸਮਾਗਮ

ਅੰਮ੍ਰਿਤਸਰ: ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੇਂਦਰ ਦੀ ਕਾਂਗਰਸ ਸਰਕਾਰ ਦੇ ਹੁਕਮ ’ਤੇ ਭਾਰਤੀ ਫੌਜ ਵੱਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਸਲਾਨਾ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਸਿੱਖ ਜਥੇਬੰਦੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।ਸ਼ਹੀਦੀ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸਿੰਘ ਸਾਹਿਬ ਗਿਆਨੀ ਸੁਖਮਿੰਦਰ ਸਿੰਘ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਸਮੇਤ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ, ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰ ਅਤੇ ਸੰਗਤਾਂ ਹਾਜ਼ਰ ਹੋਈਆਂ।ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਵਿਚ ਜ਼ਾਲਮ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦਿਹਾੜਾ ਕੌਮ ਲਈ ਸਵੈ-ਮੰਥਨ ਦਾ ਸਮਾਂ ਹੈ ਅਤੇ ਸਾਨੂੰ ਕੌਮ ਦੀ ਚੜ੍ਹਦੀ ਕਲਾ ਲਈ ਪੁਰਾਤਨ ਪੰਥਕ ਰਵਾਇਤਾਂ ਦੀ ਮਜ਼ਬੂਤੀ ਲਈ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕੌਮ ਦੇ ਸਾਰੇ ਮਸਲੇ ਰਲਮਿਲ ਕੇ ਹੀ ਹੱਲ ਕੀਤੇ ਜਾ ਸਕਦੇ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ 6 ਜੂਨ ਦਾ ਦਿਨ ਸੰਸਾਰ ਦੇ ਇਤਿਹਾਸ ਅੰਦਰ ਸਭ ਤੋਂ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਭਾਰਤ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 37 ਦੇ ਲਗਭਗ ਗੁਰਦੁਆਰਾ ਸਾਹਿਬਾਨ ’ਤੇ ਹਮਲੇ ਕੀਤੇ। ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਹਮਲੇ ਦੌਰਾਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਨਤਮਸਤਕ ਹੋਣ ਆਈਆਂ ਸੰਗਤਾਂ ਨੂੰ ਭਾਰਤੀ ਫ਼ੌਜ ਨੇ ਗੋਲੀਆਂ ਨਾਲ ਭੁੰਨ ਦਿੱਤਾ। ਇਥੋਂ ਤੱਕ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਵੀ ਗੋਲੀਆਂ ਮਾਰੀਆਂ ਗਈਆਂ। ਸਿੱਖ ਕੌਮ ‘’ਤੇ ਇਹ ਹਮਲਾ ਇਕ ਨਾਸੂਰ ਦੀ ਤਰ੍ਹਾਂ ਹੈ, ਜਿਸ ਦੀ ਪੀੜਾ ਸਿੱਖ ਕੌਮ ਰਹਿੰਦੀ ਦੁਨੀਆਂ ਤੱਕ ਮਹਿਸੂਸ ਕਰਦੀ ਰਹੇਗੀ। ਭਾਰਤੀ ਫ਼ੌਜ ਵੱਲੋਂ ਇਸ ਹਮਲੇ ਦੌਰਾਨ ਸਿੱਖ ਕੌਮ ਦਾ ਬੇਸ਼ਕੀਮਤੀ ਖ਼ਜ਼ਾਨਾ ਵੀ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਭਾਰਤ ਸਰਕਾਰ ਨੂੰ ਇਸ ਹਮਲੇ ਦਾ ਸੱਚ ਜਨਤਕ ਕਰਨਾ ਚਾਹੀਦਾ ਹੈ ਤਾਂ ਜੋ ਸਮੁੱਚੀ ਦੁਨੀਆਂ ਨੂੰ ਪਤਾ ਲੱਗ ਸਕੇ।ਉਨ੍ਹਾਂ ਕੌਮ ਨੂੰ ਅੰਦਰੂਨੀ ਤੇ ਬਾਹਰੀ ਤੌਰ ’ਤੇ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਤਾੜਨਾ ਕਰਦਿਆਂ ਆਖਿਆ ਕਿ ਉਹ ਆਪਣੀ ਹੱਦਾਂ ਦੀ ਉਲੰਘਣਾ ਨਾ ਕਰਨ। ਉਨ੍ਹਾਂ ਕੇਂਦਰ ਤੇ ਸੂਬਾ ਪੱਧਰ ਦੀਆਂ ਕੁਝ ਅਜਿਹੀਆਂ ਹੀ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਸਿੰਘ ਸਾਹਿਬ ਨੇ ਆਖਿਆ ਕਿ ਸਿੱਖਾਂ ਕੋਲ ਆਪਣੀ ਰਖਵਾਲੀ ਦੇ ਨਾਲ-ਨਾਲ ਹੋਰਨਾਂ ਨੂੰ ਵੀ ਸੁਰੱਖਿਆ ਦੇਣ ਵਾਲੀਆਂ ਮਹਾਨ ਪ੍ਰੰਪਰਾਵਾਂ ਮੌਜੂਦ ਹਨ ਅਤੇ ਹਰ ਸਿੱਖ ਨੂੰ ਇਨ੍ਹਾਂ ਉਪਰ ਚੇਤੰਨ ਰੂਪ ਵਿਚ ਪਹਿਰਾ ਦੇਣ ਦੀ ਜ਼ੁੰਮੇਵਾਰੀ ਨਿਭਾਉਣੀ ਚਾਹੀਦੀ ਹੈ।ਉਨ੍ਹਾਂ ਪੰਜਾਬ ਦੀ ਨੌਜੁਆਨੀ ਦੇ ਵਿਦੇਸ਼ ਜਾਣ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਸੰਜੀਦਾ ਮਾਮਲੇ ’ਤੇ ਕੌਮ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਜੇਕਰ ਇਹ ਰੁਝਾਨ ਇਸੇ ਤਰ੍ਹਾਂ ਹੀ ਜਾਰੀ ਰਿਹਾ ਤਾਂ ਭਵਿੱਖ ਵਿਚ ਪੰਜਾਬ ਦੇ ਉੱਚ ਅਹੁਦਿਆਂ ’ਤੇ ਸਿੱਖ ਅਧਿਕਾਰੀ ਨਹੀਂ ਲੱਭਣਗੇ।
ਉਨ੍ਹਾਂ ਸਿੱਖ ਕੌਮ ਨੂੰ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਚੰਗੀ ਵਿਿਦਆ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਆਖਿਆ ਕਿ ਜੇਕਰ ਸਾਡੀ ਨੌਜੁਆਨੀ ਚੰਗੀ ਵਿੱਦਿਆ ਦੀ ਧਾਰਨੀ ਬਣਗੇ ਤਾਂ ਕੌਮ ਹਰ ਖੇਤਰ ਵਿਚ ਤਰੱਕੀ ਦੀ ਬੁਲੰਦੀਆਂ ਛੂਹੇਗੀ।
ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਸੀ ਸ੍ਰੀ ਦਰਬਾਰ ਸਾਹਿਬ ’ਤੇ ਕੀਤਾ ਹਮਲਾ-ਭਾਈ ਲੌਂਗੋਵਾਲ
ਅੰਮ੍ਰਿਤਸਰ-ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਅਣਮਨੁੱਖੀ ਤਸ਼ੱਦਦ ਦੀ ਸਿਖਰ ਸੀ, ਜਿਸ ਨੂੰ ਭੁੱਲਣਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ। ਇਹ ਅਤਿਭਾਵੁਕ ਅਤੇ ਸੰਵੇਦਨਸ਼ੀਲ ਦਿਹਾੜਾ ਹੈ, ਜਿਸ ਨੂੰ ਮਨਾਉਣ ਲਈ ਸਮੁੱਚੀ ਕੌਮ ਨੂੰ ਇਕਜੁਟਤਾ ਦਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਉਤੇਜਨਾ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਨਾਲ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦੇ ਮਨਾਂ ਨੂੰ ਭਾਰੀ ਠੇਸ ਪੁੱਜਦੀ ਹੈ। ਭਾਈ ਲੌਂਗੋਵਾਲ ਨੇ ਸ਼ਹੀਦੀ ਸਮਾਗਮ ਦੌਰਾਨ ਹਾਜ਼ਰੀ ਭਰਨ ਅਤੇ ਸਹਿਯੋਗ ਦੇਣ ਵਾਲੀਆਂ ਸਮੂਹ ਧਾਰਮਿਕ ਜਥੇਬੰਦੀਆਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਜੂਨ ’84 ਦੇ ਹਮਲੇ ਦੌਰਾਨ ਲੁੱਟਿਆ ਸਾਹਿਤਕ ਖ਼ਜ਼ਾਨਾ ਵਾਪਸ ਹੋਵੇ-ਡਾ. ਰੂਪ ਸਿੰਘ
ਅੰਮ੍ਰਿਤਸਰ:-ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਕਰੂਰਕਾਰੇ ਵਿਰੁੱਧ ਸੰਸਦ ਵਿਚ ਨਿੰਦਾ ਮਤਾ ਪਾਸ ਕਰੇ। ਉਨ੍ਹਾਂ ਆਖਿਆ ਕਿ ਭਾਰਤ ਦੀ ਵਰਤਮਾਨ ਸਰਕਾਰ ਆਪਣੇ ਆਪ ਵਿਚ ਸਮਰੱਥ ਸਰਕਾਰ ਹੈ ਅਤੇ ਉਸ ਨੂੰ ਸਿੱਖਾਂ ’ਤੇ ਕੀਤੇ ਗਏ ਇਸ ਹਮਲੇ ਦੌਰਾਨ ਸਿੱਖ ਰੈਂਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਾਹਿਤਕ ਖ਼ਜ਼ਾਨੇ ਸਬੰਧੀ ਵੀ ਪੜਤਾਲ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਜੂਨ 1984 ਦੇ ਹਮਲੇ ਦੌਰਾਨ ਲਾਇਬ੍ਰੇਰੀ ਦਾ ਬੇਸ਼ਕੀਮਤੀ ਸਮਾਨ ਉਠਾ ਲਿਆ ਗਿਆ ਸੀ, ਜੋ ਅਜੇ ਤੱਕ ਬਾਰ-ਬਾਰ ਅਪੀਲਾਂ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਨੂੰ ਵਾਪਸ ਨਹੀਂ ਕੀਤਾ ਗਿਆ। ਸਿੱਖਾਂ ਦੇ ਇਸ ਅਨਮੋਲ ਖ਼ਜ਼ਾਨੇ ਨੂੰ ਵਾਪਸ ਕਰਨ ਲਈ ਭਾਰਤ ਸਰਕਾਰ ਨੂੰ ਠੋਸ ਕਦਮ ਉਠਾਉਣੇ ਚਾਹੀਦੇ ਹਨ।

Share:

Facebook
Twitter
Pinterest
LinkedIn
matrimonail-ads
On Key

Related Posts

gurnaaz-new flyer feb 23
Ektuhi Gurbani App
Elevate-Visual-Studios
Select your stuff
Categories
Guardian Ads - Qualicare
Get The Latest Updates

Subscribe To Our Weekly Newsletter

No spam, notifications only about new products, updates.