ਸਟਾਫ ਰਿਪੋਰਟਰ, ਰੂਪਨਗਰ : ਆਪਣਾ ਆਲੇ-ਦੁਆਲਾ ਜਿੱਥੇ ਅਸੀਂ ਰਹਿੰਦੇ ਹਾਂ ਅਤੇ ਜੀਵਨ ਬਸਰ ਕਰਦੇ ਹਾਂ, ਨੂੰ ਸਾਫ-ਸੁਥਰਾ ਰੱਖਣਾ ਅਤਿ ਜ਼ਰੂਰੀ ਹੈ ਕਿਉਂਕਿ ਜੇਕਰ ਸਾਡਾ ਆਲਾ-ਦੁਆਲਾ ਸਾਫ-ਸੁਥਰਾ ਹੋਵੇਗਾ ਤਾਂ ਹੀ ਅਸੀਂ ਬਿਮਾਰੀਆਂ ਤੋਂ ਨਿਜਾਤ ਪਾ ਕੇ ਤੰਦਰੁਸਤ ਰਹਾਂਗੇ। ਜੇਕਰ ਅਸੀਂ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣਾ ਸ਼ੁਰੂ ਕਰ ਦਿੱਤਾ ਤਾਂ ਸਾਡਾ ਪਿੰਡ, ਸ਼ਹਿਰ, ਕਸਬਾ ਅਤੇ ਜ਼ਿਲ੍ਹਾ ਸਭ ਸਾਫ਼-ਸੁਥਰੇ ਆਪਣੇ ਆਪ ਹੋ ਜਾਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਪ੍ਰਰੀਤੀ ਯਾਦਵ ਨੇ ਭਾਰਤ ਸਰਕਾਰ ਦੇ ਹੁਕਮਾਂ ਤਹਿਤ ਦੇਸ਼ ਵਿਚ 15 ਸਤੰਬਰ ਤੋਂ ਲੈ ਕੇ 2 ਅਕਤੂਬਰ ਤਕ ‘ਸਵੱਛਤਾ ਹੀ ਸੇਵਾ’ ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੱਛ ਭਾਰਤ ਦਿਵਸ 2 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ‘ਸਵੱਛਤਾ ਹੀ ਸੇਵਾ’ ਪੰਦਰਵਾੜਾ, ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਤੇ ਸਵੱਛ ਭਾਰਤ ਮਿਸ਼ਨ ਸ਼ਹਿਰੀ ਵੱਲੋਂ ਸਾਂਝੇ ਤੌਰ ‘ਤੇ ਕਰਵਾਇਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਦੇਸ਼ ਨੂੰ ਸਾਫ-ਸੁਥਰਾ ਤੇ ਕੂੜਾ ਮੁਕਤ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਜ਼ਿਲ੍ਹੇ ਦੀ ਸਾਫ-ਸਫ਼ਾਈ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿਸ ਵਿਚ ਬੱਸ ਸਟੈਂਡ, ਰੇਲਵੇ ਸਟੇਸ਼ਨ, ਬੀਚ, ਸੈਰ-ਸਪਾਟਾ ਸਥਾਨਾਂ, ਸਕੂਲਾਂ, ਕਾਲਜਾਂ, ਇਤਿਹਾਸਕ ਸਮਾਰਕ, ਵਿਰਾਸਤੀ ਸਥਾਨ, ਪਿੰਡਾਂ ਅਤੇ ਕਾਲੋਨੀਆਂ ਵਿਚ ਸਫ਼ਾਈ ਕੀਤੀ ਜਾਵੇਗੀ ਅਤੇ ਹੋਰ ਸਰਗਰਮੀਆਂ ਕੀਤੀਆਂ ਜਾਣਗੀਆਂ, ਜਿਸ ਨਾਲ ਅਸੀਂ ਸਾਫ-ਸੁਥਰਾ ਤੇ ਤੰਦਰੁਸਤ ਵਾਤਾਵਰਨ ਸਿਰਜਣ ਵਿਚ ਸਫਲ ਹੋ ਸਕੀਏ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਵਿਚ ਉਨ੍ਹਾਂ ਪਿੰਡਾਂ ਨੂੰ ਓਡੀਐੱਫ ਪਲੱਸ ਪਿੰਡ ਘੋਸ਼ਿਤ ਕੀਤਾ ਜਾਵੇਗਾ, ਜਿਨ੍ਹਾਂ ਵਿਚ (ਖੁੱਲ੍ਹੇ ਵਿਚ ਸ਼ੌਚ ਮੁਕਤ ਹੋਵੇ), ਠੋਸ ਤੇ ਤਰਲ ਕੂੜੇ ਨੂੰ ਦੇ ਪ੍ਰਬੰਧਨ ਨੂੰ ਯਕੀਨੀ ਰੱਖਦਾ ਹੋਵੇ, ਜਿਸ ਦੇ ਆਲੇ-ਦੁਆਲੇ ਪੂਰੀ ਤਰ੍ਹਾਂ ਸਾਫ-ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੋਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਅਮਰਦੀਪ ਸਿੰਘ ਗੁਜਰਾਲ ਨੇ ਇਸ ਸਵੱਛਤਾ ਮੁਹਿੰਮ ਸਬੰਧੀ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਪੰਚਾਇਤਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਸਫ਼ਾਈ ਕੀਤੀ ਜਾਵੇਗੀ ਅਤੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਹੀ ਮਹਾਤਮਾ ਗਾਂਧੀ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਕਾਰਜਕਾਰੀ ਇੰਜੀਨੀਅਰ ਮਾਈਕਲ, ਐੱਸਡੀਓ ਮੁਕੇਸ਼ ਕੁਮਾਰ ਅਤੇ ਹੋਰ ਉੱਚ ਅਧਿਕਾਰੀ ਆਦਿ ਹਾਜ਼ਰ ਸਨ।