ਪੀਟੀਆਈ, ਨਵੀਂ ਦਿੱਲੀ : ਨਿਊਜ਼ਕਲਿੱਕ ਨੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੀ ਕਾਰਵਾਈ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਆਪਣੀ ਪਟੀਸ਼ਨ ਵਿਚ ਪੋਰਟਲ ਨੇ ਯੂਏਪੀਏ ਤਹਿਤ ਪੁਲਿਸ ਦੁਆਰਾ ਦਰਜ ਕੀਤੀ ਐੱਫਆਈਆਰ ਅਤੇ ਗ੍ਰਿਫਤਾਰ ਲੋਕਾਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਹੇਠਲੀ ਅਦਾਲਤ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਨੇ ਨਿਊਜ਼ ਪੋਰਟਲ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ ਅਤੇ ਅੱਜ ਹੀ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਅੱਜ ਹੋਵੇਗੀ ਸੁਣਵਾਈ
ਨਿਊਜ਼ ਏਜੰਸੀ ਮੁਤਾਬਕ ਨਿਊਜ਼ਕਲਿੱਕ ਨੇ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਨਾਲ ਹੀ ਪਟੀਸ਼ਨ ਵਿਚ ਗ੍ਰਿਫਤਾਰ ਵਿਅਕਤੀਆਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਣ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਹੈ। ਨਿਊਜ਼ਕਲਿੱਕ ਦੀ ਇਸ ਪਟੀਸ਼ਨ ਦੀ ਸੁਣਵਾਈ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੀ ਬੈਂਚ ਕਰੇਗੀ। ਨਿਊਜ਼ਕਲਿੱਕ ਵੱਲੋਂ ਪਟੀਸ਼ਨ ਦਾਇਰ ਕਰਨ ਵਾਲੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਗ੍ਰਿਫਤਾਰੀ ਗੈਰ-ਕਾਨੂੰਨੀ ਅਤੇ ਸੁਪਰੀਮ ਕੋਰਟ ਦੇ ਫੈਸਲਿਆਂ ਦੀ ਉਲੰਘਣਾ ਕਰ ਕੇ ਕੀਤੀ ਗਈ ਹੈ।
ਚੀਨੀ ਕੂੜ ਪ੍ਰਚਾਰ ਫੈਲਾਉਣ ਦਾ ਦੋਸ਼
ਜ਼ਿਕਰਯੋਗ ਹੈ ਕਿ ਪ੍ਰਬੀਰ ਪੁਰਕਾਯਸਥ ਅਤੇ ਅਮਿਤ ਚੱਕਰਵਰਤੀ ਨੂੰ ਮੰਗਲਵਾਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਨੇ ਦਿੱਲੀ ਵਿਚ ਨਿਊਜ਼ਕਲਿਕ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਪੋਰਟਲ ‘ਤੇ ਚੀਨ ਪੱਖੀ ਪ੍ਰਚਾਰ ਫੈਲਾਉਣ ਲਈ ਪੈਸੇ ਲੈਣ ਦਾ ਦੋਸ਼ ਹੈ।



