ਏਜੰਸੀ, ਨਵੀਂ ਦਿੱਲੀ : ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਅੱਜ ਇਕ ਹੋਰ ਰਾਹਤ ਮਿਲੀ ਹੈ। ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਬਹਾਲੀ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖਾਰਿਜ ਕਰ ਦਿੱਤਾ ਹੈ।
ਪਟੀਸ਼ਨਕਰਤਾ ‘ਤੇ ਲਾਇਆ ਜੁਰਮਾਨਾ
ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਪਟੀਸ਼ਨਰ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪਟੀਸ਼ਨ ਕਾਨੂੰਨ ਦੀ ਪ੍ਰਕਿਰਿਆ ਦੀ ਦੁਰਵਰਤੋਂ ਹੈ ਕਿਉਂਕਿ ਪਟੀਸ਼ਨਕਰਤਾ ਦੇ ਕਿਸੇ ਵੀ ਮੌਲਿਕ ਅਧਿਕਾਰ ਦੀ ਉਲੰਘਣਾ ਨਹੀਂ ਕੀਤੀ ਗਈ।
ਸੁਪਰੀਮ ਕੋਰਟ ਨੇ ਸਜ਼ਾ ਕਰ ਦਿੱਤੀ ਸੀ ਮੁਆਫ
ਜ਼ਿਕਰਯੋਗ ਹੈ ਕਿ ਬੈਂਚ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਨ ਨੂੰ ਚੁਣੌਤੀ ਦੇਣ ਵਾਲੇ ਵਕੀਲ ਅਸ਼ੋਕ ਪਾਂਡੇ ਦੀ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਸੁਪਰੀਮ ਕੋਰਟ ਨੇ 4 ਅਗਸਤ ਨੂੰ ‘ਮੋਦੀ’ ਉਪਨਾਮ ‘ਤੇ ਟਿੱਪਣੀ ਨਾਲ ਜੁੜੇ ਇਕ ਮਾਮਲੇ ਵਿਚ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਣ ‘ਤੇ ਰੋਕ ਲਗਾਉਣ ਤੋਂ ਬਾਅਦ ਲੋਕ ਸਭਾ ਸਕੱਤਰੇਤ ਨੇ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰ ਦਿੱਤੀ ਸੀ।
ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਮਾਰਚ 2023 ਵਿਚ ਰੱਦ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਰਾਹੁਲ ਦੀ ਵਾਇਨਾਡ ਤੋਂ ਸੰਸਦ ਮੈਂਬਰਸ਼ਿਪ ਬਹਾਲ ਹੋ ਗਈ ਸੀ।
ਭਾਜਪਾ ਨੇਤਾ ਪੂਰਨੇਸ਼ ਮੋਦੀ ਨੇ 2019 ‘ਚ ਰਾਹੁਲ ਗਾਂਧੀ ਖਿਲਾਫ ‘ਮੋਦੀ ਸਾਰੇ ਚੋਰਾਂ ਦਾ ਸਾਂਝਾ ਸਰਨੇਮ ਕਿਵੇਂ ਹੈ?’ ਕਹਿਣ ‘ਤੇ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਸੀ। ਰਾਹੁਲ ਨੇ 13 ਅਪ੍ਰੈਲ 2019 ਨੂੰ ਕਰਨਾਟਕ ਦੇ ਕੋਲਾਰ ਵਿਚ ਇਕ ਚੋਣ ਰੈਲੀ ਦੌਰਾਨ ਇਹ ਟਿੱਪਣੀ ਕੀਤੀ ਸੀ।



