ਸਟਾਫ ਰਿਪੋਰਟਰ, ਫਿਰੋਜ਼ਪੁਰ: ਥਾਣਾ ਸਦਰ ਫਿਰੋਜ਼ਪੁਰ ਦੇ ਅਧੀਨ ਆਉਂਦੇ ਪਿੰਡ ਪੀਰ ਇਸਮਾਇਲ ਖਾਂ ਵਿਖੇ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਸੱਟਾਂ ਮਾਰਨ ਦੇ ਦੋਸ਼ ‘ਚ ਪੁਲਿਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ‘ਚ ਸਰਵਣ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਪੀਰ ਇਸਮਾਇਲ ਖਾਂ ਨੇ ਦੱਸਿਆ ਕਿ ਉਸ ਵੱਲੋਂ ਆਪਣੇ ਘਰ ਦੇ ਗੰਦੇ ਪਾਣੀ ਦੇ ਨਿਕਾਸ ਲਈ ਟੋਆ ਪੁੱਟਿਆ ਗਿਆ ਸੀ। ਜੋ ਮਿਤੀ 10-11 ਸਤੰਬਰ 2023 ਦੀ ਦਰਮਿਆਨੀ ਰਾਤ ਨੂੰ ਮੁਲਜ਼ਮਾਂ ਵੱਲੋਂ ਟੋਏ ਵਿਚ ਮਿੱਟੀ ਪਾ ਕੇ ਬੰਦ ਕਰ ਦਿੱਤਾ। ਜਦ ਸਵੇਰੇ ਉਸ ਨੇ ਮੋਹਤਬਰ ਵਿਅਕਤੀਆਂ ਨੂੰ ਮੌਕੇ ‘ਤੇ ਬੁਲਾ ਕੇ ਮੌਕਾ ਵਿਖਾਇਆ ਤਾਂ ਮੌਕੇ ‘ਤੇ ਮੁਲਜ਼ਮ ਦਰਸ਼ਨ ਸਿੰਘ ਪੁੱਤਰ ਭਾਨ ਸਿੰਘ, ਅਮਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਮਲਕੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਪੀਰ ਇਸਮਾਇਲ ਖਾਂ, ਮੇਜਰ ਸਿੰਘ ਪੁੱਤਰ ਜੋਗਿੰਦਰ ਸਿੰਘ, ਸਰਵਨ ਸਿੰਘ ਪੁੱਤਰ ਗੁਰਦੇਵ ਸਿੰਘ ਨੇ ਉਸ ਦੀ ਕੁੱਟਮਾਰ ਕੀਤੀ ਤੇ ਸੱਟਾਂ ਮਾਰੀਆਂ। ਸਵਰਣ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਮਮਦੋਟ ਵਿਖੇ ਚੱਲ ਰਿਹਾ ਹੈ। ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।