ਪੀਟੀਆਈ, ਅਮਰਾਵਤੀ : ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਬੁੱਧਵਾਰ ਸਵੇਰੇ ਗੁੰਟੂਰ ਜ਼ਿਲ੍ਹੇ ਦੇ ਉਦਾਵੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨੇ ਨਿੱਘਾ ਸਵਾਗਤ ਕੀਤਾ।

ਮੰਗਲਵਾਰ ਨੂੰ ਰਿਹਾਅ ਹੋਏ ਚੰਦਰਬਾਬੂ ਨਾਇਡੂ

ਸਮਾਚਾਰ ਏਜੰਸੀ ਪੀਟੀਆਈ ਮੁਤਾਬਿਕ ਆਂਧਰਾ ਪ੍ਰਦੇਸ਼ ਹਾਈ ਕੋਰਟ ਨੇ ਹੁਨਰ ਵਿਕਾਸ ਨਿਗਮ ਘੁਟਾਲੇ ਦੇ ਮਾਮਲੇ ਵਿਚ ਚੰਦਰਬਾਬੂ ਨਾਇਡੂ ਨੂੰ ਅਸਥਾਈ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਹਾਲਾਂਕਿ ਜੇਲ੍ਹ ਤੋਂ ਬਾਹਰ ਨਿਕਲਣ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੁਰੰਤ ਗੁੰਟੂਰ ਜ਼ਿਲ੍ਹੇ ਦੇ ਉਦਾਵੱਲੀ ਸਥਿਤ ਆਪਣੇ ਘਰ ਲਈ ਰਵਾਨਾ ਹੋ ਗਏ। ਕਰੀਬ 13 ਘੰਟੇ ਦੇ ਲੰਬੇ ਸਫ਼ਰ ਤੋਂ ਬਾਅਦ ਉਹ ਸਵੇਰੇ 6 ਵਜੇ ਘਰ ਪਹੁੰਚੇ, ਜਿੱਥੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਘਰ ਪਹੁੰਚ ਕੇ ਸਾਬਕਾ ਸੀਐੱਮ ਚੰਦਰਬਾਬੂ ਨਾਇਡੂ ਨੇ ਪਤਨੀ ਨਾਲ ਪੂਜਾ ‘ਚ ਹਿੱਸਾ ਲਿਆ।

ਆਂਧਰਾ ਪ੍ਰਦੇਸ਼ ਹਾਈ ਕੋਰਟ ਨੇ ਦਿੱਤੀ ਜ਼ਮਾਨਤ

ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼ ਹਾਈ ਕੋਰਟ ਨੇ ਚੰਦਰਬਾਬੂ ਨਾਇਡੂ ਨੂੰ ਸਿਹਤ ਦੇ ਆਧਾਰ ‘ਤੇ ਚਾਰ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦਿੱਤੀ ਸੀ। ਨਾਇਡੂ ਵੱਲੋਂ ਪੇਸ਼ ਹੋਏ ਵਕੀਲਾਂ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਸੀ ਕਿ ਉਨ੍ਹਾਂ ਨੂੰ ਮੋਤੀਆਬਿੰਦ ਦੀ ਸਰਜਰੀ ਕਰਵਾਉਣ ਲਈ ਜ਼ਮਾਨਤ ਦੀ ਜ਼ਰੂਰਤ ਹੈ।