ਜੇਐੱਨਐੱਨ, ਨੂਹ/ਮੇਵਾਤ : ਨੂਹ ‘ਚ ਵੀਰਵਾਰ ਨੂੰ ਮਸਜਿਦ ਕੋਲ ਖੜ੍ਹੇ ਨੌਜਵਾਨਾਂ ਨੇ ਨਮਾਜ਼ ਲਈ ਜਾ ਰਹੀਆਂ ਔਰਤਾਂ ‘ਤੇ ਪਥਰਾਅ ਕੀਤਾ ਗਿਆ, ਜਿਸ ਕਾਰਨ ਤਿੰਨ ਔਰਤਾਂ ਜ਼ਖਮੀ ਹੋ ਗਈਆਂ। ਜ਼ਖਮੀ ਔਰਤਾਂ ਨੂੰ ਇਲਾਜ ਲਈ ਨੂਹ ਦੇ ਕਮਿਊਨਿਟੀ ਮੈਡੀਕਲ ਸੈਂਟਰ ‘ਚ ਭਰਤੀ ਕਰਵਾਇਆ ਗਿਆ ਹੈ।
ਵੀਰਵਾਰ ਨੂੰ ਵਾਪਰੀ ਇਸ ਘਟਨਾ ਨੂੰ ਲੈ ਕੇ ਵੀਐੱਚਪੀ ਵਰਕਰਾਂ ਵਿਚ ਗੁੱਸਾ ਹੈ। ਕੌਂਸਲ ਦੇ ਸੂਬਾ ਪ੍ਰਧਾਨ ਸੇਵਾਮੁਕਤ ਜੱਜ ਪਵਨ ਕੁਮਾਰ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੂਹ ਰਵਾਨਾ ਹੋ ਗਿਆ ਹੈ, ਜਿੱਥੇ ਉਹ ਪੀੜਤਾਂ ਨੂੰ ਮਿਲੇਗਾ। ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਅਗਲੀ ਭੂਮਿਕਾ ਤੈਅ ਕੀਤੀ ਜਾਵੇਗੀ। ਇਸ ਮਾਮਲੇ ‘ਚ ਸੂਬਾ ਪ੍ਰਧਾਨ ਸ਼ੁੱਕਰਵਾਰ ਸ਼ਾਮ ਨੂੰ ਗੁਰੂਗ੍ਰਾਮ ‘ਚ ਪ੍ਰੈੱਸ ਕਾਨਫਰੰਸ ਵੀ ਕਰਨਗੇ।
ਲੋਕਾਂ ਨੇ ਕੀਤੀ ਕਾਰਵਾਈ ਦੀ ਮੰਗ
ਇਸ ਦੇ ਨਾਲ ਹੀ ਲੋਕਾਂ ਨੇ ਪਥਰਾਅ ਦੀ ਘਟਨਾ ਦਾ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਵੀ ਕੀਤੀ।
ਡੀਐਸਪੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
ਡੀਐੱਸਪੀ ਨੂਹ ਵਰਿੰਦਰ ਸਿੰਘ ਦਾ ਕਹਿਣਾ ਹੈ, ‘ਅਸੀਂ ਐਫਆਈਆਰ ਦਰਜ ਕਰ ਲਈ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਘਟਨਾ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇੱਥੋਂ ਦੇ ਲੋਕਾਂ ਨੇ ਇਸ ਘਟਨਾ ਦੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਹੈ ਅਤੇ ਅਸੀਂ ਇਸ ਦੀ ਸ਼ੁਰੂਆਤ ਵੀ ਕਰ ਦਿੱਤੀ ਹੈ। ਲੋਕਾਂ ਨੇ ਇਸ ਦੀ ਹਾਮੀ ਭਰੀ ਹੈ। ਮੈਂ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ…।’


