ਜਾਗਰਣ ਬਿਊਰੋ, ਨਵੀਂ ਦਿੱਲੀ: ਏਅਰ ਇੰਡੀਆ ਨੂੰ ਉਡਾਉਣ ਦੀ ਧਮਕੀ ਦੇ ਮਾਮਲੇ ‘ਚ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਨਵੀਂ ਐੱਫਆਈਆਰ ਦਰਜ ਕੀਤੀ ਗਈ ਹੈ। ਪੰਨੂ ਖ਼ਿਲਾਫ਼ ਆਈਪੀਸੀ ਦੀਆਂ ਵੱਖ-ਵੱਖ ਅੱਤਵਾਦ ਨਾਲ ਸਬੰਧਤ ਧਾਰਾਵਾਂ ਦੇ ਨਾਲ-ਨਾਲ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਐੱਨਆਈਏ ਨੇ ਪਹਿਲਾਂ ਹੀ ਪੰਨੂ ਵਿਰੁੱਧ 2019 ਵਿੱਚ ਅੱਤਵਾਦੀ ਗਤੀਵਿਧੀਆਂ ਦੇ ਦੋਸ਼ਾਂ ਵਿੱਚ ਕੇਸ ਦਰਜ ਕੀਤਾ ਹੈ ਅਤੇ ਸਤੰਬਰ 2023 ਵਿੱਚ ਅੰਮ੍ਰਿਤਸਰ ਅਤੇ ਚੰਡੀਗੜ੍ਹ ਵਿੱਚ ਸਥਿਤ ਉਸ ਦੀਆਂ ਜਾਇਦਾਦਾਂ ਨੂੰ ਵੀ ਜ਼ਬਤ ਕੀਤਾ ਹੈ।

ਕੀ ਹੈ ਪੂਰਾ ਮਾਮਲਾ?

ਤਾਜ਼ਾ ਮਾਮਲਾ 4 ਨਵੰਬਰ ਨੂੰ ਜਾਰੀ ਹੋਈ ਉਸ ਵੀਡੀਓ ਦੇ ਸਬੰਧ ਵਿੱਚ ਹੈ, ਜਿਸ ਵਿੱਚ ਪੰਨੂ ਨੇ 19 ਨਵੰਬਰ ਨੂੰ ਜਾਂ ਉਸ ਤੋਂ ਬਾਅਦ ਏਅਰ ਇੰਡੀਆ ਨੂੰ ਉਡਾਉਣ ਦੀ ਧਮਕੀ ਦਿੱਤੀ ਸੀ ਅਤੇ ਸਿੱਖਾਂ ਨੂੰ ਇਸ ਵਿੱਚ ਯਾਤਰਾ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਸੀ। ਇੰਨਾ ਹੀ ਨਹੀਂ, ਉਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵੀ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਸੀ। ਏਅਰ ਇੰਡੀਆ ਨੂੰ ਉਡਾਉਣ ਦੇ ਖਤਰੇ ਕਾਰਨ ਭਾਰਤ ਸਮੇਤ ਉਨ੍ਹਾਂ ਦੇਸ਼ਾਂ ‘ਚ ਹਾਈ ਅਲਰਟ ਐਲਾਨ ਕੀਤਾ ਗਿਆ ਸੀ, ਜਿੱਥੋਂ ਏਅਰ ਇੰਡੀਆ ਉਡਾਣਾਂ ਚਲਾਉਂਦੀ ਹੈ। ਕੈਨੇਡਾ ਨੇ ਵੀ ਇਸ ਮਾਮਲੇ ਦੀ ਜਾਂਚ ਦਾ ਐਲਾਨ ਕੀਤਾ ਸੀ।

ਸੁਰੱਖਿਆ ਏਜੰਸੀਆਂ ਪੰਨੂ ਦੀ ਧਮਕੀ ਨੂੰ ਪੰਜਾਬ ਵਿੱਚ ਖਾਲਿਸਤਾਨੀ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਸਾਜ਼ਿਸ਼ ਵਜੋਂ ਦੇਖ ਰਹੀਆਂ ਹਨ। ਐੱਨਆਈਏ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐੱਫਆਈਆਰ ਵਿੱਚ ਪੰਨੂ ’ਤੇ ਭਾਰਤ ਖ਼ਿਲਾਫ਼ ਅਤਿਵਾਦੀ ਕਾਰਵਾਈਆਂ ਕਰਨ ਦੇ ਨਾਲ-ਨਾਲ ਸਿੱਖਾਂ ਨੂੰ ਭੜਕਾਉਣ, ਉਨ੍ਹਾਂ ਵਿੱਚ ਆਪਸੀ ਦੁਸ਼ਮਣੀ ਪੈਦਾ ਕਰਨ ਅਤੇ ਹੋਰ ਭਾਈਚਾਰਿਆਂ ਵਿੱਚ ਡਰ ਦਾ ਮਾਹੌਲ ਪੈਦਾ ਕਰਨ ਦਾ ਦੋਸ਼ ਲਾਇਆ ਗਿਆ ਹੈ।

ਐਨਆਈਏ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ ਸੀ

ਐੱਫਆਈਆਰ ਵਿੱਚ ਪੰਨੂ ਦੀਆਂ ਪਿਛਲੀਆਂ ਧਮਕੀਆਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਜਿਸ ਵਿੱਚ ਉਸਨੇ ਰੇਲਵੇ ਅਤੇ ਥਰਮਲ ਪਾਵਰ ਪਲਾਂਟਾਂ ਸਮੇਤ ਭਾਰਤ ਦੇ ਜ਼ਰੂਰੀ ਟਰਾਂਸਪੋਰਟ ਨੈਟਵਰਕ ਪ੍ਰਣਾਲੀਆਂ ‘ਤੇ ਹਮਲਾ ਕਰਨ ਦੀ ਧਮਕੀ ਦਿੱਤੀ ਸੀ। ਧਿਆਨ ਯੋਗ ਹੈ ਕਿ ਪੁਰਾਣੇ ਮਾਮਲੇ ਵਿੱਚ ਐੱਨਆਈਏ ਦੀ ਵਿਸ਼ੇਸ਼ ਅਦਾਲਤ ਨੇ 3 ਫਰਵਰੀ 2021 ਨੂੰ ਪੰਨੂ ਦੇ ਖਿਲਾਫ ਗ਼ੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ ਅਤੇ 29 ਨਵੰਬਰ 2022 ਨੂੰ ਉਸਨੂੰ ਭਗੌੜਾ ਕਰਾਰ ਦਿੱਤਾ ਸੀ।

ਭਾਰਤ ਸਰਕਾਰ ਨੇ ਪੰਨੂ ਨੂੰ 1 ਜੁਲਾਈ, 2020 ਨੂੰ ਵਿਅਕਤੀਗਤ ਅੱਤਵਾਦੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਸੀ। ਸਿੱਖ ਫਾਰ ਜਸਟਿਸ ਨੂੰ ਜੁਲਾਈ 2019 ਵਿੱਚ ਹੀ ਅੱਤਵਾਦੀ ਸੰਗਠਨ ਐਲਾਨ ਕੀਤਾ ਗਿਆ ਸੀ।