ਅਮਰੀਕਾ ‘ਤੇ ‘ਡਰਟੀ ਬੰਬ’ ਸੁੱਟਣ ਦੀ ਤਾਕ ‘ਚ ਈਰਾਨ: ਟਰੰਪ ਦੇ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਖੁਫੀਆ ਰਿਪੋਰਟ ਨੇ ਵਧਾਈ ਚਿੰਤਾ
ਵਾਸ਼ਿੰਗਟਨ: ਅਮਰੀਕਾ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਇੱਕ ਨਵੀਂ ਖੁਫੀਆ ਰਿਪੋਰਟ ਨੇ ਵਾਸ਼ਿੰਗਟਨ ਵਿੱਚ ਸੁਰੱਖਿਆ ਚਿੰਤਾਵਾਂ ਵਧਾ ਦਿੱਤੀਆਂ ਹਨ। ਸੀਐੱਨਐੱਨ ਦੀ ਰਿਪੋਰਟ ਮੁਤਾਬਕ, ਈਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਲਈ 'ਡਰਟੀ ਬੰਬ' ਜਾਂ ਰਸਾਇਣਕ ਹਥਿਆਰਾਂ ਨਾਲ ਹਮਲਾ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ। ਅਮਰੀਕੀ ਪ੍ਰਸ਼ਾਸਨ ਨੇ ਇਸ ਖਤਰੇ ਨਾਲ ਨਜਿੱਠਣ ਲਈ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ਅਤੇ ਵਿੱਤ ਮੰਤਰੀ ਸਕਾਟ ਬੇਸੈਂਟ ਸਮੇਤ ਕਈ ਅਧਿਕਾਰੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਟਰਾਂਸਫਰ ਕੀਤਾ ਗਿਆ ਹੈ।
ਵਾਈਟ ਹਾਊਸ ਦੀ ਬੁਲਾਰਨ ਲੌਰੇਨ ਬਿਸ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਅਮਰੀਕੀ ਧਰਤੀ 'ਤੇ ਕੋਈ ਤੁਰੰਤ ਖਤਰਾ ਨਹੀਂ ਹੈ, ਪਰ ਸਰਕਾਰ ਹਰ ਚੁਣੌਤੀ ਲਈ ਪੂਰੀ ਤਰ੍ਹਾਂ ਚੌਕਸ ਹੈ। ਡਰਟੀ ਬੰਬ ਆਮ ਪਰਮਾਣੂ ਬੰਬ ਤੋਂ ਵੱਖਰਾ ਹੁੰਦਾ ਹੈ, ਜਿਸ ਵਿੱਚ ਧਮਾਕੇ ਦੇ ਨਾਲ ਰੇਡੀਓਐਕਟਿਵ ਪਦਾਰਥ ਫੈਲਾਇਆ ਜਾਂਦਾ ਹੈ, ਜਿਸ ਦਾ ਮਕਸਦ ਦਹਿਸ਼ਤ ਫੈਲਾਉਣਾ ਹੁੰਦਾ ਹੈ। ਦੂਜੇ ਪਾਸੇ ਈਰਾਨ ਨੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਸਿਰੇ ਤੋਂ ਖਾਰਜ ਕਰਦਿਆਂ ਇਨ੍ਹਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ ਹੈ।



