ਸਟਾਫ ਰਿਪੋਰਟਰ, ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਹਾਂਗਝੂ ਏਸ਼ਿਆਈ ਖੇਡਾਂ ਵਿਚ ਭਾਰਤੀ ਟੀਮ ’ਚ ਸ਼ਾਮਲ ਪੰਜਾਬੀ ਖਿਡਾਰੀਆਂ ਵੱਲੋਂ ਪੰਜ ਸੋਨ ਤਗਮੇ ਜਿੱਤਣ ਲਈ ਵਧਾਈ ਦਿੱਤੀ। ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਖਿਡਾਰੀ ਚੱਲ ਰਹੀਆਂ ਏਸ਼ਿਆਈ ਖੇਡਾਂ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਖੇਡਾਂ ਵਿਚ ਤੇਜਿੰਦਰ ਪਾਲ ਸਿੰਘ ਤੂਰ ਅਤੇ ਜ਼ੋਰਾਵਰ ਸਿੰਘ ਸੰਧੂ ਨੇ ਸੋਨੇ ਦੇ ਤਗਮੇ ਜਿੱਤੇ ਜਦੋਂ ਕਿ ਹਰਮਿਲਨ ਬੈਂਸ ਅਤੇ ਰਾਜੇਸ਼ਵਰੀ ਕੁਮਾਰੀ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੁਣ ਤਕ ਪੰਜਾਬ ਦੇ 13 ਖਿਡਾਰੀਆਂ ਨੇ ਪੰਜ ਸੋਨੇ, ਚਾਰ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ ਹਨ। ਉਨ੍ਹਾਂ ਕਿਹਾ ਕਿ 1962 ਦੀਆਂ ਜਕਾਰਤਾ ਏਸ਼ਿਆਈ ਖੇਡਾਂ ਤੋਂ ਬਾਅਦ ਇਹ ਪਹਿਲੀ ਵਾਰ ਹੈ ਕਿ ਪੰਜਾਬੀ ਖਿਡਾਰੀਆਂ ਨੇ ਪੰਜ ਸੋਨ ਤਗਮੇ ਜਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਅੰਤ ਨਹੀਂ ਹੈ ਕਿਉਂਕਿ ਇਨ੍ਹਾਂ ਮੁਕਾਬਲਿਆਂ ਵਿਚ ਸੂਬੇ ਦੇ ਕਈ ਹੋਰ ਖਿਡਾਰੀ ਵੀ ਹਿੱਸਾ ਲੈ ਰਹੇ ਹਨ। ਉਨ੍ਹਾਂ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਦੇਸ਼ ਦਾ ਨਾਂ ਹੋਰ ਰੋਸ਼ਨ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪਹਿਲਾਂ ਹੀ ਹਰ ਸੰਭਵ ਯਤਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਸੂਬੇ ਦੇ ਖਿਡਾਰੀ ਏਸ਼ਿਆਈ ਖੇਡਾਂ ਵਿਚ ਪੰਜਾਬ ਦਾ ਨਾਂ ਰੋਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਖਿਡਾਰੀਆਂ ਨੂੰ ਨਕਦ ਇਨਾਮਾਂ ਅਤੇ ਹੋਰ ਸਹੂਲਤਾਂ ਨਾਲ ਉਤਸ਼ਾਹਤ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।



