ਭਾਰਤੀ ਮੂਲ ਦੇ ਅਮਰੀਕੀ ਸੰਸਦ ਮੈਂਬਰ ਰੋ ਖੰਨਾ ਵੱਲੋਂ ਹਿੰਦੂ ਰਾਸ਼ਟਰਵਾਦ ਦਾ ਵਿਰੋਧ, ਗਾਂਧੀ-ਨਹਿਰੂ ਦੀ ਵਿਚਾਰਧਾਰਾ ਨੂੰ ਦਿੱਤਾ ਸਮਰਥਨ
ਅਮਰੀਕਾ ਵਿੱਚ ਹਾਲ ਹੀ ਵਿੱਚ ਮੁੜ ਚੁਣੇ ਗਏ ਭਾਰਤੀ ਮੂਲ ਦੇ ਕਾਂਗਰਸਮੈਨ ਰੋ ਖੰਨਾ ਨੇ ਹਿੰਦੂ ਰਾਸ਼ਟਰਵਾਦ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਿਆਂ ਮਹਾਤਮਾ ਗਾਂਧੀ ਅਤੇ ਜਵਾਹਰ ਲਾਲ ਨਹਿਰੂ ਦੀ ਬਹੁਲਵਾਦੀ (ਸਭ ਨੂੰ ਨਾਲ ਲੈ ਕੇ ਚੱਲਣ ਵਾਲੀ) ਸੋਚ ਦਾ ਜ਼ੋਰਦਾਰ ਸਮਰਥਨ ਕੀਤਾ ਹੈ। ਉਨ੍ਹਾਂ ਦਾ ਇਹ ਬਿਆਨ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਇੱਕ ਯੂਜ਼ਰ ਵੱਲੋਂ ਹਿੰਦੂਤਵ ਅਤੇ ਭਾਰਤ ਦੀ ਮੌਜੂਦਾ ਰਾਜਨੀਤੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਆਇਆ ਹੈ। ਖੰਨਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਹਮੇਸ਼ਾ ਹਿੰਦੂ ਰਾਸ਼ਟਰਵਾਦ ਦੀ ਨਿਖੇਧੀ ਕੀਤੀ ਹੈ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਵਿਦਿਆਰਥੀਆਂ ਦਾ ਸਾਥ ਦਿੱਤਾ ਹੈ। ਉਨ੍ਹਾਂ ਮਾਣ ਨਾਲ ਦੱਸਿਆ ਕਿ ਉਨ੍ਹਾਂ ਦੇ ਦਾਦਾ ਜੀ ਨੇ ਮਹਾਤਮਾ ਗਾਂਧੀ ਦੇ ਆਜ਼ਾਦੀ ਅੰਦੋਲਨ ਵਿੱਚ ਹਿੱਸਾ ਲਿਆ ਸੀ, ਇਸ ਲਈ ਉਹ ਪੂਰੀ ਤਰ੍ਹਾਂ ਬਹੁਲਵਾਦੀ ਨਜ਼ਰੀਏ ਵਿੱਚ ਵਿਸ਼ਵਾਸ ਰੱਖਦੇ ਹਨ। ਜ਼ਿਕਰਯੋਗ ਹੈ ਕਿ ਇੱਕ ਯੂਜ਼ਰ ਨੇ ਉਨ੍ਹਾਂ 'ਤੇ ਭਾਰਤ ਵਿੱਚ ਕਥਿਤ ਸਿਆਸੀ ਕੈਦੀਆਂ ਅਤੇ ਘੱਟ ਗਿਣਤੀਆਂ ਦੇ ਅਧਿਕਾਰਾਂ ਦੇ ਮੁੱਦੇ 'ਤੇ ਚੁੱਪ ਰਹਿਣ ਦੇ ਸਵਾਲ ਚੁੱਕੇ ਸਨ।



