ਆਨਲਾਈਨ ਡੈਸਕ, ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਦੱਸਿਆ ਕਿ ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 313 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦੇਸ਼ ਵਿੱਚ ਸਰਗਰਮ ਮਾਮਲਿਆਂ ਵਿੱਚ ਕਮੀ ਆਈ ਹੈ ਜੋ ਘੱਟ ਕੇ 2,041 ਹੋ ਗਏ ਹਨ। ਸ਼ੁੱਕਰਵਾਰ ਨੂੰ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 2,331 ਰਹੀ। ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕਰਨਾਟਕ ਵਿੱਚ ਦੋ ਤੇ ਮਹਾਰਾਸ਼ਟਰ ਵਿੱਚ ਇੱਕ ਵਿਅਕਤੀ ਦੀ ਲਾਗ ਕਾਰਨ ਮੌਤ ਹੋ ਗਈ ਹੈ।

ਕੋਰੋਨਾ ਦੇ ਮਾਮਲਿਆਂ ’ਚ ਵਾਧਾ ਦਰਜ ਕੀਤਾ ਗਿਆ

ਦੱਸਣਯੋਗ ਹੈ ਕਿ 5 ਦਸੰਬਰ ਤੱਕ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਦਰਜ ਕੀਤੀ ਗਈ ਸੀ ਜਿਸ ਕਾਰਨ ਕੇਸਾਂ ਦੀ ਗਿਣਤੀ ਦੋਹਰੇ ਅੰਕਾਂ ਵਿੱਚ ਪਹੁੰਚ ਗਈ ਸੀ। ਹਾਲਾਂਕਿ, ਕੋਰੋਨਾ ਦੇ ਨਵੇਂ ਵੇਰੀਐਂਟ ਦੇ ਸਾਹਮਣੇ ਆਉਣ ਤੋਂ ਬਾਅਦ ਇਸਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਨਿਊਜ਼ ਏਜੰਸੀ ਪੀਟੀਆਈ ਨੇ ਅਧਿਕਾਰਤ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਮੌਜੂਦਾ ਸਮੇਂ ‘ਚ ਉਪਲੱਬਧ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਦੇਸ਼ ‘ਚ ਕੋਰੋਨਾ ਦਾ JN.1 ਵੇਰੀਐਂਟ ਨਾ ਤਾਂ ਨਵੇਂ ਮਾਮਲਿਆਂ ‘ਚ ਤੇਜ਼ੀ ਨਾਲ ਵਧ ਰਿਹਾ ਹੈ ਤੇ ਨਾ ਹੀ ਹਸਪਤਾਲ ‘ਚ ਭਰਤੀ ਤੇ ਮੌਤ ਦਰ ‘ਚ ਵਾਧਾ ਹੋ ਰਿਹਾ ਹੈ।

ਕੇਂਦਰ ਸਰਕਾਰ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਗਰਾਨੀ ਕਰਨ ਲਈ ਕਿਹਾ

ਦੇਸ਼ ਵਿੱਚ ਕੋਵਿਡ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧੇ ਤੇ JN.1 ਵੇਰੀਐਂਟ ਦਾ ਪਤਾ ਲਗਾਉਣ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਰਾਜਾਂ ਨੂੰ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।

4.4 ਕਰੋੜ ਤੋਂ ਵੱਧ ਲੋਕ ਹੋਏ ਹਨ ਠੀਕ

ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 4.4 ਕਰੋੜ ਤੋਂ ਵੱਧ ਲੋਕ ਇਸ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਮੰਤਰਾਲੇ ਦੀ ਵੈੱਬਸਾਈਟ ਦੇ ਅਨੁਸਾਰ, ਦੇਸ਼ ਵਿੱਚ ਹੁਣ ਤੱਕ ਕੋਵਿਡ ਟੀਕਿਆਂ ਦੀਆਂ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।