ਏਜੰਸੀ, ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਨੀਵਾਰ ਨੂੰ ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਜਾਂਚ ਏਜੰਸੀ ਨੇ ਇਹ ਚਾਰਜਸ਼ੀਟ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਰੌਜ਼ ਐਵੇਨਿਊ ਅਦਾਲਤ ਵਿੱਚ ਦਾਖ਼ਲ ਕੀਤੀ ਹੈ।

ਇਹ ਇਸ ਮਾਮਲੇ ਵਿੱਚ ਇੱਕ ਪੂਰਕ ਚਾਰਜਸ਼ੀਟ ਹੈ, ਕਿਉਂਕਿ ਏਜੰਸੀ ਨੇ ਇਸ ਤੋਂ ਪਹਿਲਾਂ ਲਗਭਗ ਪੰਜ ਅਜਿਹੀਆਂ ਸ਼ਿਕਾਇਤਾਂ ਦਾਇਰ ਕੀਤੀਆਂ ਹਨ। ਇਹ ਚਾਰਜਸ਼ੀਟ ਕੁੱਲ 60 ਪੰਨਿਆਂ ਦੀ ਹੈ। ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੀ ਏਜੰਸੀ ਈਡੀ ਨੇ ਉਸ ‘ਤੇ ਆਪਣੇ ਸਾਥੀਆਂ ਰਾਹੀਂ ਸਰਕਾਰੀ ਗਵਾਹ ਬਣੇ ਦਿਨੇਸ਼ ਅਰੋੜਾ ਤੋਂ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਲਾਇਆ ਹੈ।

ਜ਼ਮਾਨਤ ਪਟੀਸ਼ਨ ਰੱਦ

ਇਸ ਤੋਂ ਪਹਿਲਾਂ ਸੰਸਦ ਮੈਂਬਰ ਸੰਜੇ ਸਿੰਘ ਨੂੰ 24 ਨਵੰਬਰ ਨੂੰ ਰਾਉਸ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਫਿਰ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ। ਇਸ ਤੋਂ ਪਹਿਲਾਂ ਅਦਾਲਤ ਨੇ 10 ਨਵੰਬਰ ਨੂੰ ਸੰਜੇ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਉਸ ਦੀ ਹਿਰਾਸਤ 24 ਨਵੰਬਰ ਯਾਨੀ ਸ਼ੁੱਕਰਵਾਰ ਨੂੰ ਪੂਰੀ ਹੋਈ ਸੀ। ਇਸ ਦੇ ਨਾਲ ਹੀ ਹੇਠਲੀ ਅਦਾਲਤ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਵੀ ਰੱਦ ਹੋ ਚੁੱਕੀ ਹੈ।

4 ਅਕਤੂਬਰ ਨੂੰ ਹੋਈ ਸੀ ਗ੍ਰਿਫ਼ਤਾਰੀ

ਈਡੀ ਨੇ ‘ਆਪ’ ਸੰਸਦ ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਦੋਸ਼ ਲਾਇਆ ਹੈ ਕਿ ਸੰਜੇ ਸਿੰਘ ਨੇ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਜਿਸ ਕਾਰਨ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਵਿੱਤੀ ਲਾਭ ਹੋਇਆ।