ਏਐੱਨਆਈ, ਨਵੀਂ ਦਿੱਲੀ : ਸ਼ਰਾਬ ਨੀਤੀ ਨਾਲ ਜੁੜੇ ਕਥਿਤ ਘੁਟਾਲੇ (ਦਿੱਲੀ ਸ਼ਰਾਬ ਘੁਟਾਲੇ) ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਦੀਆਂ ਮੁਸ਼ਕਲਾਂ ਖ਼ਤਮ ਨਹੀਂ ਹੋ ਰਹੀਆਂ। ਤਾਜ਼ਾ ਮਾਮਲੇ ‘ਚ ‘ਆਪ’ ਨੇਤਾ ਬੁੱਧਵਾਰ ਨੂੰ ਸੀਬੀਆਈ ਮਾਮਲੇ ‘ਚ ਸੁਣਵਾਈ ਤੋਂ ਪਹਿਲਾਂ ਪੇਸ਼ੀ ਲਈ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ‘ਚ ਪਹੁੰਚੇ ਹਨ।
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਸ਼ਰਾਬ ਨੀਤੀ ਵਿਚ ਭ੍ਰਿਸ਼ਟਾਚਾਰ ਦਾ ਦੋਸ਼ੀ ਬਣਾਇਆ ਹੈ। ਇਸ ਮਾਮਲੇ ਵਿਚ ਸੀਬੀਆਈ ਨੇ ਮਨੀਸ਼ ਸਿਸੋਦੀਆ ਨੂੰ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਜਾਂਚ ਏਜੰਸੀ ਦੀ ਨਿਆਇਕ ਹਿਰਾਸਤ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਹਨ।
#WATCH | Former Delhi Deputy CM Manish Sisodia produced in Delhi’s Rouse Avenue Court ahead of CBI case hearing related to liquor policy. pic.twitter.com/S1vGpZoLTq
— ANI (@ANI) November 22, 2023
ਈਡੀ ਮਾਮਲੇ ਵਿਚ 11 ਦਸੰਬਰ ਤੱਕ ਹਿਰਾਸਤ ‘ਚ ਵਾਧਾ
ਜ਼ਿਕਰਯੋਗ ਹੈ ਕਿ ਸੀਬੀਆਈ ਨੇ ਆਬਕਾਰੀ ਘੁਟਾਲੇ ਦੇ ਮਾਮਲੇ ਵਿਚ ਮਨੀਸ਼ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਤੋਂ ਕੁਝ ਦਿਨ ਬਾਅਦ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀ ਲੰਬੀ ਪੁੱਛਗਿੱਛ ਤੋਂ ਬਾਅਦ ‘ਆਪ’ ਨੇਤਾ ਨੂੰ ਹਿਰਾਸਤ ਵਿਚ ਲਿਆ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਰਾਊਜ਼ ਐਵੇਨਿਊ ਕੋਰਟ ਨੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਸੀ।
ਮਾਮਲੇ ਦੀ ਵਿਸਥਾਰ ਨਾਲ ਸੁਣਵਾਈ ਕਰਦਿਆਂ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਕਿਹਾ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਮੁਲਜ਼ਮਾਂ ਲਈ ਕਈ ਦਸਤਾਵੇਜ਼ ਦਾਇਰ ਕੀਤੇ ਜਾਣੇ ਹਨ। ਇਸ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਅਦਾਲਤ ਨੇ ਕਿਹਾ ਕਿ ਜ਼ਾਬਤਾ ਫ਼ੌਜਦਾਰੀ ਪ੍ਰਕਿਰਿਆ (ਸੀਆਰਪੀਸੀ) ਦੀ ਧਾਰਾ 207 ਦੀ ਪਾਲਣਾ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੇਸ ਦੀ ਸੁਣਵਾਈ ਸ਼ੁਰੂ ਹੋ ਸਕੇ।
ਅਦਾਲਤ ਨੇ ਈਡੀ ਨੂੰ ਨੋਟਿਸ ਵੀ ਜਾਰੀ ਕੀਤਾ ਹੈ ਅਤੇ ਬਿਨੈ ਬਾਬੂ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਬਹਿਸ ਸੁਣਨ ਲਈ 24 ਨਵੰਬਰ ਲਈ ਮਾਮਲਾ ਸੂਚੀਬੱਧ ਕੀਤਾ ਹੈ। ਬਿਨੈ ਇਕ ਸ਼ਰਾਬ ਕੰਪਨੀ ਵਿਚ ਜਨਰਲ ਮੈਨੇਜਰ ਵਜੋਂ ਕੰਮ ਕਰਦਾ ਸੀ ਅਤੇ ਉਸ ਨੂੰ ਈਡੀ ਨੇ ਪਿਛਲੇ ਸਾਲ ਨਵੰਬਰ ਵਿਚ ਗ੍ਰਿਫ਼ਤਾਰ ਕੀਤਾ ਸੀ।
ਜ਼ਿਕਰਯੋਗ ਹੈ ਕਿ ਫਰਵਰੀ 2023 ਵਿਚ ਸਿਸੋਦੀਆ ਨੂੰ ਸੀਬੀਆਈ ਨੇ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਮੁਤਾਬਿਕ ਸਿਸੋਦੀਆ ਨੇ ਅਪਰਾਧਿਕ ਸਾਜ਼ਿਸ਼ ਵਿੱਚ ਸਭ ਤੋਂ ਅਹਿਮ ਭੂਮਿਕਾ ਨਿਭਾਈ ਸੀ।


