ਦੀਵਾਲੀ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ! ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਸਕਦੇ ਹਨ ਪ੍ਰੋ. ਚੰਦੂਮਾਜਰਾ
ਪਟਿਆਲਾ/ਜਲੰਧਰ: ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੇ ਦਿਨਾਂ ਅੰਦਰ ਇੱਕ ਹੋਰ ਵੱਡਾ ਉਲਟਫੇਰ ਦੇਖਣ ਨੂੰ ਮਿਲ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ (ਸੁਧਾਰ ਲਹਿਰ) ਤੋਂ ਕਿਨਾਰਾ ਕਰਨ ਵਾਲੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਹੋਣ ਦੀਆਂ ਕਿਆਸਅਰਾਈਆਂ ਤੇਜ਼ ਹੋ ਗਈਆਂ ਹਨ। ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਉਹ ਦੀਵਾਲੀ ਤੋਂ ਪਹਿਲਾਂ ਜਾਂ ਉਸ ਤੋਂ ਇੱਕ-ਦੋ ਦਿਨ ਬਾਅਦ ਮੁੜ ਅਕਾਲੀ ਦਲ ਦਾ ਹਿੱਸਾ ਬਣ ਸਕਦੇ ਹਨ।
ਪ੍ਰੋ. ਚੰਦੂਮਾਜਰਾ ਵੱਲੋਂ ਸਾਥ ਛੱਡਣ ਨਾਲ ਸੁਧਾਰ ਲਹਿਰ ਨੂੰ ਬਹੁਤ ਵੱਡਾ ਝਟਕਾ ਲੱਗਾ ਹੈ, ਕਿਉਂਕਿ ਪਟਿਆਲਾ ਅਤੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਿਆਂ ਵਿੱਚ ਉਨ੍ਹਾਂ ਦਾ ਚੰਗਾ ਸਿਆਸੀ ਆਧਾਰ ਮੰਨਿਆ ਜਾਂਦਾ ਹੈ। ਸੂਤਰਾਂ ਮੁਤਾਬਕ, ਚੰਦੂਮਾਜਰਾ ਨੂੰ ਵਾਪਸ ਲਿਆਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਲਵਾ ਖੇਤਰ ਨਾਲ ਸਬੰਧਤ ਇੱਕ ਬੇਹੱਦ ਕਰੀਬੀ ਆਗੂ ਲੰਮੇ ਸਮੇਂ ਤੋਂ ਉਨ੍ਹਾਂ ਦੇ ਸੰਪਰਕ ਵਿੱਚ ਸੀ, ਜਿਸ ਦੀਆਂ ਕੋਸ਼ਿਸ਼ਾਂ ਹੁਣ ਬੂਰ ਫੜਦੀਆਂ ਨਜ਼ਰ ਆ ਰਹੀਆਂ ਹਨ। ਇਹ ਵੀ ਖ਼ਬਰ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੁਧਾਰ ਲਹਿਰ ਦੇ ਕੁਝ ਹੋਰ ਵੱਡੇ ਚਿਹਰੇ ਅਤੇ ਸ਼੍ਰੋਮਣੀ ਕਮੇਟੀ ਦੇ 5-6 ਮੈਂਬਰ ਵੀ ਅਕਾਲੀ ਦਲ ਵਿੱਚ ਸ਼ਾਮਲ ਹੋ ਸਕਦੇ ਹਨ।
ਇਸ ਦੇ ਨਾਲ ਹੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗੱਠਜੋੜ ਹੋਣ ਦੀਆਂ ਸੰਭਾਵਨਾਵਾਂ ਵੀ ਮੁੜ ਜ਼ੋਰ ਫੜ ਰਹੀਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਾਰਟੀਆਂ ਵਿਚਾਲੇ ਗੱਲਬਾਤ ਆਖਰੀ ਦੌਰ ਵਿੱਚ ਹੈ। ਅਕਾਲੀ ਦਲ ਛੱਡ ਕੇ ਹੋਰਨਾਂ ਪਾਰਟੀਆਂ ਵਿੱਚ ਗਏ ਕਈ ਆਗੂਆਂ ਵੱਲੋਂ ਵੀ ਮੁੜ ਪਾਰਟੀ ਨਾਲ ਰਾਬਤਾ ਕਾਇਮ ਕਰਨ ਦੀਆਂ ਚਰਚਾਵਾਂ ਹਨ। ਮੰਨਿਆ ਜਾ ਰਿਹਾ ਹੈ ਕਿ ਜਿਨ੍ਹਾਂ ਆਗੂਆਂ ਨੂੰ ਦੂਜੀਆਂ ਪਾਰਟੀਆਂ ਵਿੱਚ ਬਣਦਾ ਮਾਣ-ਸਤਿਕਾਰ ਨਹੀਂ ਮਿਲ ਰਿਹਾ, ਉਹ ਹੁਣ ਘਰ ਵਾਪਸੀ ਦੇ ਰਾਹ ਤਲਾਸ਼ ਰਹੇ ਹਨ, ਜਿਸ ਨਾਲ ਪਾਰਟੀ ਦੀ ਸਥਿਤੀ ਹੋਰ ਮਜ਼ਬੂਤ ਹੋਣ ਦੀ ਉਮੀਦ ਹੈ।



