ਨਵੀਂ ਦਿੱਲੀ, ਏਐੱਨਆਈ : ਭਾਰਤ ਨੇ ਲਗਪਗ ਦੋ ਮਹੀਨਿਆਂ ਬਾਅਦ ਕੈਨੇਡੀਅਨ ਨਾਗਰਿਕਾਂ ਲਈ ਇਲੈਕਟ੍ਰਾਨਿਕ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰ ਦਿੱਤੀਆਂ ਹਨ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਦਿੱਤੀ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਭਾਰਤ ਦੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ‘ਚ ਖਟਾਸ ਆ ਗਈ ਸੀ। ਇਸ ਤੋਂ ਪੈਦਾ ਹੋਏ ਕੂਟਨੀਤਕ ਵਿਵਾਦ ਦਰਮਿਆਨ 21 ਸਤੰਬਰ ਨੂੰ ਵੀਜ਼ਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਸਨ।

ਤੁਹਾਨੂੰ ਦੱਸ ਦੇਈਏ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜੂਨ ਵਿੱਚ ਕੈਨੇਡੀਅਨ ਨਾਗਰਿਕ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ “ਭਾਰਤ ਸਰਕਾਰ ਦੇ ਏਜੰਟ’ ਦਾ ਹੱਥ ਹੋਣ ਦਾ ਦੋਸ਼ ਲਗਾਇਆ ਸੀ। ਭਾਰਤ ਸਰਕਾਰ ਨੇ ਇਸ ਦਾ ਪੁਰਜ਼ੋਰ ਖੰਡਨ ਕੀਤਾ ਤੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਬਿਨਾਂ ਕਿਸੇ ਸਬੂਤ ਦੇ ਦੱਸਿਆ। ਨਵੀਂ ਦਿੱਲੀ ਨੇ ਇਸ ਸਬੰਧ ‘ਚ ਆਪਣੇ ਦਾਅਵਿਆਂ ਦੇ ਸਮਰਥਨ ‘ਚ ਓਟਾਵਾ ਨੂੰ ਸਬੂਤ ਸਾਂਝੇ ਕਰਨ ਦੀ ਮੰਗ ਵੀ ਕੀਤੀ ਹੈ ਪਰ ਹੁਣ ਤਕ ਓਟਾਵਾ ਕੋਈ ਵੀ ਸਬੂਤ ਦੇਣ ‘ਚ ਨਾਕਾਮ ਰਿਹਾ ਹੈ।