ਏਐੱਨਆਈ, ਨਵੀਂ ਦਿੱਲੀ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਇਜ਼ਰਾਈਲ ਅਤੇ ਅੱਤਵਾਦੀ ਸੰਗਠਨ ਹਮਾਸ ਵਿਚਾਲੇ ਜੰਗ ਨੂੰ ਲੈ ਕੇ ਐਨਸੀਪੀ ਪ੍ਰਧਾਨ ਸ਼ਰਦ ਪਵਾਰ ਦੇ ਬਿਆਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼ਰਦ ਪਵਾਰ ਵਰਗੇ ਸੀਨੀਅਰ ਨੇਤਾਵਾਂ ਨੂੰ ਸਮਝਣਾ ਚਾਹੀਦਾ ਹੈ ਕਿ ਰਾਸ਼ਟਰੀ ਹਿੱਤ ਅਤੇ ਰਾਸ਼ਟਰੀ ਸੁਰੱਖਿਆ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਇਸ ਨੂੰ ਕਦੇ ਵੀ ਸਿਆਸੀ ਵਿਚਾਰਾਂ ਤੋਂ ਪ੍ਰਭਾਵਿਤ ਨਹੀਂ ਹੋਣਾ ਚਾਹੀਦਾ। ਇਸ ‘ਤੇ ਸਹਿਮਤੀ ਹੋਣੀ ਚਾਹੀਦੀ ਹੈ।

ਅਤਿਵਾਦ ਖ਼ਿਲਾਫ਼ ਇਕਜੁੱਟ ਹੋਣ ਦੀ ਲੋੜ

ਉਨ੍ਹਾਂ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਸਮਝਦੇ ਹੋਏ ਅੱਤਵਾਦ ਵਿਰੁੱਧ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਨੇ ਐਕਸ ‘ਤੇ ਆਪਣੀ ਇਕ ਪੋਸਟ ‘ਚ ਕਿਹਾ ਕਿ ਭਾਰਤ ਲਗਾਤਾਰ ਘਰੇਲੂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਅੱਤਵਾਦ ਦੇ ਖਿਲਾਫ ਖੜ੍ਹਾ ਹੈ। ਪ੍ਰਧਾਨ ਮੰਤਰੀ ਮੋਦੀ ਵੱਲੋਂ ਇਜ਼ਰਾਈਲ ਵਿੱਚ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਪ੍ਰਤੀ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਸ਼ਰਦ ਪਵਾਰ ਦੇ ਬਿਆਨ ਦੀ ਆਲੋਚਨਾ

ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਵੀ ਸ਼ਰਦ ਪਵਾਰ ਦੇ ਬਿਆਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਮਾਨਸਿਕਤਾ ਠੀਕ ਨਹੀਂ ਹੈ, ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਮੁੰਬਈ ਵਿੱਚ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਰਦ ਪਵਾਰ ਨੇ ਕਿਹਾ ਸੀ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀਆਂ ਨੇ ਫਲਸਤੀਨ ਦੀ ਮਦਦ ਕੀਤੀ ਸੀ। ਪਹਿਲੀ ਵਾਰ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨੇ ਇਜ਼ਰਾਈਲ ਦੀ ਮਦਦ ਕਰਨ ਲਈ ਆਪਣੀ ਭੂਮਿਕਾ ਨਿਭਾਈ।