Lok Sabha MP Suspended : ANI, ਨਵੀਂ ਦਿੱਲੀ : ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਿਰੁੱਧ ਕਾਰਵਾਈ ਦਾ ਸਿਲਸਿਲਾ ਜਾਰੀ ਹੈ। 49 ਹੋਰ ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਨ੍ਹਾਂ ਸੰਸਦ ਮੈਂਬਰਾਂ ਨੂੰ ਕੀਤਾ ਗਿਆ ਮੁਅੱਤਲ

ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਰੱਖਿਆ, ਜਿਸ ਤੋਂ ਬਾਅਦ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਲੋਕ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਇਨ੍ਹਾਂ ਵਿਚ ਸੰਸਦ ਮੈਂਬਰ ਸੁਪ੍ਰੀਆ ਸੁਲੇ, ਮਨੀਸ਼ ਤਿਵਾੜੀ, ਸ਼ਸ਼ੀ ਥਰੂਰ, ਮੁਹੰਮਦ ਫੈਜ਼ਲ, ਕਾਰਤੀ ਚਿਦੰਬਰਮ, ਸੁਦੀਪ ਬੰਧੋਪਾਧਿਆਏ, ਡਿੰਪਲ ਯਾਦਵ, ਦਾਨਿਸ਼ ਅਲੀ ਅਤੇ ਵਿਰੋਧੀ ਧਿਰ ਦੇ ਹੋਰ ਸੰਸਦ ਮੈਂਬਰ ਸ਼ਾਮਲ ਹਨ।

ਸੰਸਦ ਮੈਂਬਰਾਂ ਦੀ ਮੁਅੱਤਲੀ ‘ਤੇ ਪ੍ਰਹਿਲਾਦ ਜੋਸ਼ੀ ਨੇ ਕੀ ਕਿਹਾ?

ਲੋਕ ਸਭਾ ‘ਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸਦਨ ਦੇ ਅੰਦਰ ਤਖ਼ਤੀਆਂ ਨਾ ਲਿਆਉਣ ਦਾ ਫੈਸਲਾ ਕੀਤਾ ਗਿਆ। ਉਹ ਹਾਲੀਆ ਚੋਣਾਂ ਹਾਰਨ ਤੋਂ ਬਾਅਦ ਨਿਰਾਸ਼ ਹੋ ਕੇ ਅਜਿਹੇ ਕਦਮ ਚੁੱਕ ਰਹੇ ਹਨ। ਇਸ ਲਈ ਅਸੀਂ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਲਿਆ ਰਹੇ ਹਾਂ।

ਹੁਣ ਤਕ 141 ਸੰਸਦ ਮੈਂਬਰਾਂ ਖਿਲਾਫ ਹੋਈ ਕਾਰਵਾਈ

ਦੱਸ ਦੇਈਏ ਕਿ ਸੋਮਵਾਰ ਨੂੰ ਸੰਸਦ ਦੀ ਸੁਰੱਖਿਆ ਵਿੱਚ ਢਿੱਲ ਦੇਣ ਦੀ ਘਟਨਾ ਨੂੰ ਲੈ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੇ ਦੋਵਾਂ ਸਦਨਾਂ ‘ਚ ਹੰਗਾਮਾ ਕੀਤਾ ਸੀ। ਜਿਸ ਤੋਂ ਬਾਅਦ ਵਿਰੋਧੀ ਧਿਰ ਦੇ 78 ਮੈਂਬਰਾਂ ਨੂੰ ਲੋਕ ਸਭਾ ਤੇ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ 14 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਗਿਆ ਸੀ। ਹਾਲਾਂਕਿ ਅੱਜ 49 ਹੋਰ ਸੰਸਦ ਮੈਂਬਰਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਹੁਣ ਤੱਕ 141 ਵਿਰੋਧੀ ਮੈਂਬਰਾਂ ਨੂੰ ਮੁਅੱਤਲ ਕੀਤਾ ਜਾ ਚੁੱਕਾ ਹੈ।