ਮੋਗਾ ‘ਚ ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, ਹਥਿਆਰ ਲੈ ਕੇ ਚੱਲਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ
ਮੋਗਾ (ਬਿੰਦਾ): ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਦੀਆਂ ਆਗਾਮੀ 28 ਨਵੰਬਰ 2026 ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ। ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੋਗਾ ਦੇ ਜ਼ਿਲ੍ਹਾ ਮੈਜਿਸਟਰੇਟ ਸਾਗਰ ਸੇਤੀਆ (ਆਈ.ਏ.ਐੱਸ.) ਨੇ ਅਸਲਾ ਲਾਇਸੈਂਸ ਧਾਰਕਾਂ ਦੇ ਹਥਿਆਰ ਲੈ ਕੇ ਚੱਲਣ 'ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਇਹ ਕਦਮ ਚੁੱਕਣਾ ਲਾਜ਼ਮੀ ਸੀ। ਇਹ ਪਾਬੰਦੀ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲਾਂ ਦੀ ਹਦੂਦ ਅੰਦਰ ਆਉਂਦੇ ਸਾਰੇ ਅਸਲਾ ਲਾਇਸੈਂਸ ਧਾਰਕਾਂ 'ਤੇ 14 ਨਵੰਬਰ 2026 ਤੋਂ ਲੈ ਕੇ ਆਦਰਸ਼ ਚੋਣ ਜਾਬਤਾ ਖ਼ਤਮ ਹੋਣ ਤੱਕ ਲਾਗੂ ਰਹੇਗੀ। ਹਾਲਾਂਕਿ, ਫੌਜੀ ਜਵਾਨਾਂ, ਅਰਧ ਸੈਨਿਕ ਬਲਾਂ ਅਤੇ ਵਰਦੀਧਾਰੀ ਪੁਲਿਸ ਮੁਲਾਜ਼ਮਾਂ ਨੂੰ ਇਸ ਪਾਬੰਦੀ ਤੋਂ ਛੋਟ ਦਿੱਤੀ ਗਈ ਹੈ, ਪਰ ਚੋਣ ਉਮੀਦਵਾਰਾਂ ਦੇ ਸੁਰੱਖਿਆ ਕਰਮੀ ਅਤੇ ਐੱਸ.ਪੀ.ਓਜ਼ (SPOs) ਪੋਲਿੰਗ ਸਟੇਸ਼ਨਾਂ ਦੇ ਅੰਦਰ ਕਿਸੇ ਵੀ ਸੂਰਤ ਵਿੱਚ ਹਥਿਆਰ ਨਹੀਂ ਲਿਜਾ ਸਕਣਗੇ।



