ਇਸਲਾਮਾਬਾਦ : ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਲਾਂਘੇ ਦੇ ਸ਼ੁੱਭ ਆਰੰਭ ਦੇ ਮੌਕੇ ‘ਤੇ ਨਵਜੋਤ ਸਿੰਘ ਸਿੱਧੂ ਨੂੰ ਸੱਦਣ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨੀ ਸਾਂਸਦ ਫੈਸਲ ਜਾਵੇਦ ਨੇ ਇਸ ਮਾਮਲੇ ‘ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਲਾਹ ‘ਤੇ ਨਵਜੋਤ ਸਿੰਘ ਸਿੱਧੂ ਨਾਲ ਫੋਨ ‘ਤੇ ਗੱਲ ਕੀਤੀ ਅਤੇ 9 ਨਵੰਬਰ ਨੂੰ ਹੋਣ ਵਾਲੇ ਉਦਘਾਟਨ ਸਮਾਰੋਹ ਲਈ ਸੱਦਾ ਦਿੱਤਾ। ਇਸ ਤੋਂ ਪਹਿਲਾਂ ਸਿੱਧੂ ਕਰਤਾਰਪੁਰ ਸਾਹਿਬ ਕੋਰੀਡਰ ਦੇ ਨੀਂਹ ਪੱਥਰ ਰੱਖਣ ਦੇ ਮੌਕੇ ਪਾਕਿਸਤਾਨ ਜਾ ਚੁੱਕੇ ਹਨ। ਉਸ ਸਮੇਂ ਉਹ ਪਾਕਿ ਫ਼ੌਜ ਮੁਖੀ ਬਾਜਵਾ ਦੇ ਗਲ਼ੇ ਮਿਲੇ ਸਨ, ਜਿਸ ਨੂੰ ਲੈ ਕੇ ਉਨ੍ਹਾਂ ਦੀ ਕਾਫ਼ੀ ਆਲੋਚਨਾ ਕੀਤੀ ਗਈ ਸੀ।
ਨਵਜੋਤ ਸਿੰਘ ਸਿੱਧੂ ਦੇ ਪਾਕਿ ਦੌਰੇ ਨੂੰ ਲੈਕੇ ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਰਾਜ਼ਗੀ ਪ੍ਰਗਟਾਈ ਸੀ ਅਤੇ ਲੋਕਾਂ ਨੇ ਵੀ ਸੋਸ਼ਲ ਮੀਡੀਆ ‘ਤੇ ਸਿੱਧੂ ਦੀ ਰੱਜ ਕੇ ਆਲੋਚਨਾ ਕੀਤੀ ਸੀ। ਉਸ ਸਮੇਂ ਸਿੱਧੂ ਨੇ ਆਪਣੇ ਪਾਕਿ ਦੌਰੇ ਨੂੰ ਉੱਚਿਤ ਦੱਸਿਆ ਸੀ।