ਪਟਨਾ: Nitish Kumar Oath : ਜਨਤਾ ਦਲ (ਯੂ) ਦੇ ਨੇਤਾ ਨਿਤੀਸ਼ ਕੁਮਾਰ ਨੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਕੁਝ ਘੰਟਿਆਂ ਬਾਅਦ ਐਤਵਾਰ ਨੂੰ ਨੌਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਰਾਜ ਭਵਨ ਵਿੱਚ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਦੇ ਸਮਰਥਨ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦੇ ਨਾਲ ਵਿਜੇ ਸਿਨਹਾ ਅਤੇ ਸਮਰਾਟ ਚੌਧਰੀ ਨੇ ਵੀ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਜੇਡੀਯੂ ਅਤੇ ਭਾਜਪਾ ਦੇ ਤਿੰਨ-ਤਿੰਨ ਮੰਤਰੀ, ਜੀਤਨ ਰਾਮ ਮਾਂਝੀ ਦੇ ਹਿੰਦੁਸਤਾਨੀ ਅਵਾਮ ਮੋਰਚਾ ਦੇ ਇੱਕ ਅਤੇ ਇੱਕ ਆਜ਼ਾਦ ਵਿਧਾਇਕ ਨੇ ਮੰਤਰੀ ਵਜੋਂ ਸਹੁੰ ਚੁੱਕੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਰਾਜਪਾਲ ਰਾਜੇਂਦਰ ਅਰਲੇਕਰ ਦੇ ਸਾਹਮਣੇ ਐਨਡੀਏ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ।

ਇਸ ਵਾਰ ਉਨ੍ਹਾਂ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਅਤੇ ਭਗਵਾ ਪਾਰਟੀ ਦੀ ਅਗਵਾਈ ਵਾਲੀ ਐਨਡੀਏ ਦੀਆਂ ਹੋਰ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਬਣਾ ਰਹੀ ਹੈ। ਇਸ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅਤੇ ਚਿਰਾਗ ਪਾਸਵਾਨ ਵੀ ਰਾਜ ਭਵਨ ਵਿੱਚ ਮੌਜੂਦ ਸਨ।