ਪੰਜਾਬ ‘ਚ ਭਾਜਪਾ ਦੀ ਵੱਡੀ ਸਿਆਸੀ ਪਹਿਲਕਦਮੀ: ਕੌਮੀ ਪ੍ਰਧਾਨ ਨਿਤਿਨ ਨਵੀਨ ਡੇਰਾ ਸੱਚਖੰਡ ਬੱਲਾਂ ਤੋਂ ਦੇਣਗੇ ਅਹਿਮ ਸੁਨੇਹਾ
ਜਲੰਧਰ: ਪੰਜਾਬ ਦੀ ਸਿਆਸਤ ਵਿੱਚ ਆਪਣੀ ਪੈਂਠ ਮਜ਼ਬੂਤ ਕਰਨ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੀਆਂ ਸਰਗਰਮੀਆਂ ਕਾਫੀ ਤੇਜ਼ ਕਰ ਦਿੱਤੀਆਂ ਹਨ। ਇਸੇ ਰਣਨੀਤੀ ਤਹਿਤ ਪਾਰਟੀ ਹੁਣ ਦੋਆਬੇ ਦੇ ਪ੍ਰਮੁੱਖ ਧਾਰਮਿਕ ਕੇਂਦਰ, ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਤੋਂ ਇੱਕ ਵੱਡਾ ਸਿਆਸੀ ਅਤੇ ਸਮਾਜਿਕ ਸੁਨੇਹਾ ਦੇਣ ਦੀ ਤਿਆਰੀ ਵਿੱਚ ਹੈ। ਇਸ ਖਾਸ ਮਕਸਦ ਲਈ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ 18 ਨਵੰਬਰ ਨੂੰ ਪੰਜਾਬ ਦੇ ਅਹਿਮ ਦੌਰੇ 'ਤੇ ਆ ਰਹੇ ਹਨ।
ਆਪਣੇ ਦੌਰੇ ਦੌਰਾਨ, ਨਿਤਿਨ ਨਵੀਨ ਡੇਰਾ ਸੱਚਖੰਡ ਬੱਲਾਂ ਦੇ ਨਜ਼ਦੀਕ ਪਿੰਡ ਰਾਏਪੁਰ ਰਸੂਲਪੁਰ ਵਿਖੇ ਰੱਖੀ ਗਈ ਇੱਕ ਵਿਸ਼ਾਲ ਜਨਸਭਾ ਨੂੰ ਸੰਬੋਧਨ ਕਰਨਗੇ। ਇਸ ਤੋਂ ਇਲਾਵਾ, ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾ ਰਹੀ 'ਸਮਰਸਤਾ ਯਾਤਰਾ' ਨੂੰ ਵੀ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਭਾਜਪਾ ਇਸ ਪ੍ਰੋਗਰਾਮ ਰਾਹੀਂ ਜਿੱਥੇ ਸਮਾਜਿਕ ਬਰਾਬਰੀ ਅਤੇ ਆਪਸੀ ਭਾਈਚਾਰੇ ਦਾ ਸੁਨੇਹਾ ਦੇਣਾ ਚਾਹੁੰਦੀ ਹੈ, ਉੱਥੇ ਹੀ ਪੰਜਾਬ ਖਾਸ ਕਰਕੇ ਦਲਿਤ ਵੋਟ ਬੈਂਕ ਵਾਲੇ ਦੋਆਬਾ ਖੇਤਰ ਵਿੱਚ ਆਪਣੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਵੀ ਕਰਨਾ ਚਾਹੁੰਦੀ ਹੈ।
ਇਸ ਵੱਡੇ ਈਵੈਂਟ ਨੂੰ ਸਫ਼ਲ ਬਣਾਉਣ ਲਈ ਡੇਰਾ ਸੱਚਖੰਡ ਬੱਲਾਂ ਨੇੜੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। 50 ਤੋਂ 60 ਹਜ਼ਾਰ ਲੋਕਾਂ ਦੇ ਬੈਠਣ ਦੀ ਸਮਰੱਥਾ ਵਾਲਾ ਇੱਕ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ। ਪ੍ਰਬੰਧਕਾਂ ਮੁਤਾਬਕ, 17 ਨਵੰਬਰ ਦੀ ਰਾਤ ਤੱਕ ਸਾਰੀਆਂ ਤਿਆਰੀਆਂ ਅਤੇ ਬੈਠਣ ਦਾ ਪ੍ਰਬੰਧ ਮੁਕੰਮਲ ਕਰ ਲਿਆ ਜਾਵੇਗਾ। ਭਾਜਪਾ ਦੇ ਇਸ ਕਦਮ ਨੂੰ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਹੈ।



